ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫ਼ੌਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਪੁਲਿਸ ਨੇ ਕੀਤਾ ਗ੍ਰਿਫਤਾਰ 

ਬਠਿੰਡਾ, 17 ਅਪ੍ਰੈਲ : ਬੀਤੇ ਦਿਨੀਂ ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫ਼ੌਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਇੱਕ ਫ਼ੌਜੀ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਦੇਸਾਈ ਮੋਹਨ ਵਜੋਂ ਹੋਈ ਹੈ। ਇਸ ਬਾਰੇ ਅੱਜ ਪੰਜਾਬ ਪੁਲਿਸ ਅਤੇ ਫ਼ੌਜ ਦੇ ਸੀਨੀਅਰ ਅਫ਼ਸਰਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਅਤੇ ਅਹਿਮ ਖੁਲਾਸੇ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ, ਮਾਰੇ ਗਏ ਫ਼ੌਜੀਆਂ ਅਤੇ ਕਾਤਲ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਪੁਲਿਸ ਮੁਤਾਬਿਕ ਦੋਸ਼ੀ ਉਹੋ ਫ਼ੌਜੀ ਹੈ, ਜਿਸ ਨੇ ਸਭ ਤੋਂ ਪਹਿਲਾਂ ਮੇਜਰ ਨੂੰ ਉਕਤ ਗੋਲੀਬਾਰੀ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਦੱਸਿਆ ਸੀ ਕਿ, ਦੋ ਹਮਲਾਵਰਾਂ ਨੇ ਹੱਥਾਂ ਵਿਚ ਰਾਈਫ਼ਲ ਅਤੇ ਕੁਹਾੜੀ ਫੜੇ ਹੋਏ ਸਨ। ਇਸ ਸਬੰਧ ਵਿਚ ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ-302 (ਕਤਲ) ਅਤੇ ਅਸਲਾ ਐਕਟ ਦੇ ਤਹਿਤ ਦੋ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਸੀ।