ਪ੍ਰਧਾਨ ਮੰਤਰੀ ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਦੀ ਵਿਧੀਵਨ ਯੋਜਨਾ ਸਬੰਧੀ ਜਾਗਰੂਕਤਾ ਕੈਂਪ 4 ਅਕਤੂਬਰ ਨੂੰ

ਫਾਜ਼ਿਲਕਾ 2 ਅਕਤੂਬਰ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਲਘੂ/ਛੋਟੀਆਂ ਫੂਡ ਪ੍ਰੋਸੈਸਿੰਗ ਇਕਾਈਆਂ ਨੂੰ ਪ੍ਰਫੁੱਲਿਤ ਕਰਨ ਲਈ ਸਾਂਝੀ ਪਹਿਲਕਦਮੀ ਕਰਦਿਆਂ ਪ੍ਰਧਾਨ ਮੰਤਰੀ ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਦੀ ਵਿਧੀਵਨ ਯੋਜਨਾ (ਪੀ.ਐਮ.ਐਫ.ਐਮ.ਈ) ਸਕੀਮ ਜਾਰੀ ਕੀਤੀ ਗਈ ਹੈ। ਜਿਸ ਤਹਿਤ ਦਫਤਰ ਬਲਕ ਵਿਕਾਸ ਅਤੇ ਪੰਚਾਇਤ ਅਫਸਰ, ਫਾਜ਼ਿਲਕਾ ਵਿਖੇ 4 ਅਕਤੂਬਰ ਦਿਨ ਬੁੱਧਵਾਰ ਸਵੇਰੇ 11 ਵਜੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਜਾਵੇਗਾ। ਜਿਸ ਵਿੱਚ ਇਸ ਸਕੀਮ ਅਤੇ ਸਰਕਾਰ ਦੀਆਂ ਹੋਰ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਦਿੱਤੀ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਵਿਅਕਤੀਗਤ ਇਕਾਈਆਂ ਨੂੰ ਮੌਜੂਦਾ ਲਘੂ/ਛੋਟੀਆਂ  ਫੂਡ ਪ੍ਰੋਸੈਸਿੰਗ ਇਕਾਈਆਂ ਅਤੇ ਨਵੇਂ ਉੱਦਮੀਆਂ ਨੂੰ ਯੂਨਿਟ ਦੀ ਉਸਾਰੀ ਅਤੇ ਮਸ਼ੀਨਾਂ ਦੇ ਖਰਚੇ ਦੀ ਲਾਗਤ ਦਾ 35 ਫੀਸਦੀ ਕਰੈਡਿਟ ਲਿੰਕਡ ਕੈਪੀਟਲ ਸਬਸਿਡੀ ਵਜੋਂ ਵੱਧ ਤੋਂ ਵੱਧ 10 ਲੱਖ ਰੁਪਏ ਦਿੱਤੇ ਜਾ ਰਹੇ ਹਨ। ੳਨ੍ਹਾਂ ਜ਼ਿਲ੍ਹੇ ਦੇ ਲੋਕਾ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਕੈਂਪ ਵਿੱਚ ਬੇਰੁਜ਼ਗਾਰ ਨੌਜਵਾਨਾਂ ਲਈ ਸਹਾਈ ਸਿੱਧ ਹੋਣ ਵਾਲੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਸਵੈ ਸਹਾਇਤਾ ਸਮੂਹਾਂ ਦੇ ਮੈਂਬਰ ਵੀ ਇਸ ਕੈਂਪ ਵਿੱਚ ਭਾਗ ਲੈਣਗੇ।