ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਜ਼ੋਰਾਂ ਤੇ

  • ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਕੌਮੀ ਝੰਡਾ ਚੜਾਉਣਗੇ
  • ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਦੇ ਕੈਡਿਟ ਮਾਰਚ ਪਾਸਟ ਵਿੱਚ ਲੈਣਗੇ ਭਾਗ
  • ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਜਾਵੇਗਾ ਸੱਭਿਆਚਾਰਕ ਸਮਾਗਮ
  • ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰੀਹਰਸਲ

ਫ਼ਤਹਿਗੜ੍ਹ ਸਾਹਿਬ, 12 ਅਗਸਤ, 2024 : 15 ਅਗਸਤ ਨੂੰ ਸਾਡੇ ਮੁਲਕ ਦੇ 78ਵੇਂ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਕੌਮੀ ਝੰਡਾ ਚੜਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ ਅਤੇ ਪਰੇਡ ਦਾ ਨਰੀਖਣ ਕਰਨਗੇ।  ਖੇਡ ਸਟੇਡੀਅਮ ਸਰਹਿੰਦ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ। ਅੱਜ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀ ਸੁਸ਼ੀਲ ਨਾਥ, ਸਿੱਖਿਆ ਵਿਭਾਗ ਦੇ ਡੀ.ਐਮ. ਜਸਵੀਰ ਸਿੰਘ ਤੇ ਮੈਡਮ ਰੂਪਪ੍ਰੀਤ ਕੌਰ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਕਰਵਾਈਆਂ ਗਈਆਂ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਪਰੇਡ ਕਮਾਂਡਰ ਹੋਣਗੇ ਅਤੇ ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ, ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟ ਅਤੇ ਸਕੂਲ ਦੀ ਬੈਂਡ ਟੀਮ ਵੱਲੋਂ ਭਾਗ ਲਿਆ ਜਾਵੇਗਾ। ਇਸ ਸਮਾਗਮ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਹੋਵੇਗਾ। ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਇਕਲ ਵੀ ਵੰਡੇ ਜਾਣਗੇ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਸਮਾਗਮ ਵਿੱਚ ਬਾਲਕ ਇਸ਼ੂ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਲਾਇਵ ਸ਼ੋਅ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਧੋਪੁਰ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਦੀਆਂ ਵਿਦਿਆਰਥਣਾਂ ਵੱਲੋਂ ਐਕਸ਼ਨ ਸਾਂਗ, ਡਿਵਾਇਨ ਲਾਈਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੋਰਿਓਗ੍ਰਾਫੀ, ਸੀ. ਪੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਐਕਸ਼ਨ ਸਾਂਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਤੇ ਸੇਂਟ ਸੋਲਜ਼ਰ ਸਕੂਲ ਚੁੰਨੀ ਕਲਾਂ ਦੇ ਵਿਦਿਆਰਥੀ ਵੱਲੋਂ ਐਕਸ਼ਨ ਸਾਂਗ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਕਾਲ ਅਕੈਡਮੀ ਮਾਧੋਪੁਰ ਦੇ ਵਿਦਿਆਰਥੀ ਗੱਤਕਾ ਦੀ ਪੇਸ਼ਕਾਰੀ ਕਰਨਗੇ। ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਸਰਹਿੰਦ ਸ਼ਹਿਰ, ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਮਾਂਯੂਪੁਰ ਤੇ ਮਾਤਾ ਸੁੰਦਰੀ ਪਬਲਿਕ ਸਕੂਲ ਅੱਤੇਵਾਲੀ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਜਾਵੇਗਾ ਅਤੇ ਸੇਂਟ ਫਰੀਦ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸਮਾਗਮ ਦੇ ਅੰਤ ਵਿੱਚ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀ ਕੌਮੀ ਗੀਤ ਦਾ ਗਾਇਨ ਕਰਨਗੇ।