ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ

  • 21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ

ਮੋਗਾ, 15 ਅਕਤੂਬਰ : ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ, 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ, 2023 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ, 2023 ਤੋਂ 4 ਦਸੰਬਰ, 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 5 ਦਸੰਬਰ, 2023 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ, 2023 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਜਨਵਰੀ, 2024 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 15 ਜਨਵਰੀ, 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ, 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।