ਪਿੰਡ ਰਾਮੂੰਵਾਲਾ ਕਲਾਂ ਵਿਖੇ ਜਨਤਕ ਸੁਣਵਾਈ ਕੈਂਪ ਆਯੋਜਿਤ

  • ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਵੀ ਕੀਤੀ ਸ਼ਮੂਲੀਅਤ
  • ਵਧੀਕ ਡਿਪਟੀ ਕਮਿਸ਼ਨਰ ਤੋਂ ਇਲਾਵਾ ਹੋਰ ਵੀ ਉੱਚ ਅਧਿਕਾਰੀਆਂ ਨੇ ਕੀਤਾ ਸ਼ਿਕਾਇਤਾਂ ਦਾ  ਮੌਕੇ 'ਤੇ ਨਿਪਟਾਰਾ

ਮੋਗਾ, 13 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਢੁਕਵੇਂ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉੱਚ ਅਧਿਕਾਰੀਆਂ ਵੱਲੋਂ ਪਿੰਡ ਪੱਧਰੀ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦੀ ਲੜੀ ਵਿੱਚ ਮੋਗਾ-1 ਬਲਾਕ ਦੇ ਪਿੰਡ ਰਾਮੂੰਵਾਲਾ ਕਲਾਂ ਵਿਖੇ ਵੀ ਇੱਕ ਜਨਤਕ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਵੀ ਮੌਜੂਦ ਹੋਏ।  ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੋਗਾ-1 ਸ੍ਰੀ ਰਾਜਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕਰਕੇ ਲੋਕਾਂ ਦੇ ਵਿਚਕਾਰ ਬੈਠ ਕੇ ਸਮੱਸਿਆਵਾਂ ਸੁਣੀਆਂ ਅਤੇ ਯੋਗ ਸਮੱਸਿਆਵਾਂ ਦਾ ਮੌਕੇ ਉੱਪਰ ਹੀ ਨਿਪਟਾਰਾ ਕੀਤਾ ਗਿਆ। ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਇਸ ਲਈ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਧਿਕਾਰੀ ਖੁਦ ਲੋਕਾਂ ਤੱਕ ਪਹੁੰਚ ਬਣਾ ਕੇ ਸੁਣ ਰਹੇ ਹਨ, ਅਤੇ ਮੌਕੇ ਉੱਪਰ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਸਰਕਾਰੀ ਕੰਮ ਪਹਿਲ ਦੇ ਆਧਾਰ ਉੱਪਰ ਕੀਤੇ ਜਾ ਰਹੇ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਪਿੰਡਾਂ ਦੇ ਲੋਕਾਂ ਤੱਕ ਲਗਾਤਾਰ ਪਹੁੰਚ ਬਣਾ ਰਿਹਾ ਹੈ ਅਤੇ ਸਮੱਸਿਆਵਾਂ ਦੇ ਢੁਵਕਵੇਂ ਹੱਲ ਘੱਟ ਤੋਂ ਘੱਟ ਸਮੇਂ ਵਿੱਚ ਕੀਤੇ ਜਾ ਰਹੇ ਹਨ। ਆਮ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਬਿਨ੍ਹਾਂ ਦੇ ਖੱਜਲ ਖੁਆਰੀ ਤੋਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ।  ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪ ਜ਼ਿਲ੍ਹਾ ਮੋਗਾ ਦੇ ਹਰੇਕ ਬਲਾਕ ਦੇ ਪਿੰਡਾਂ ਵਿੱਚ ਆਯੋਜਿਤ ਕੀਤੇ ਜਾਣਗੇ।