ਪੰਜਾਬ ਸਰਕਾਰ ਨੇ ਰੇਤੇ ਦੇ ਰੇਟਾਂ ਵਿੱਚ ਕਮੀ ਕਰਕੇ ਇੱਕ ਇਤਿਹਾਸਕ ਕਦਮ ਪੁੱਟਿਆ ਹੈ : ਮੰਤਰੀ ਜੋੜੇਮਾਜਰਾ

ਫ਼ਤਹਿਗੜ੍ਹ ਸਾਹਿਬ, 08 ਫਰਵਰੀ : ਪੰਜਾਬ ਦੇ ਬਾਗਬਾਨੀ, ਫੂਡ ਪ੍ਰੋਸੈਸਿੰਗ ਤੇ ਰੱਖਿਆ ਸੇਵਾਵਾਂ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਰੇਤੇ ਦੇ ਰੇਟਾਂ ਵਿੱਚ ਕਮੀ ਕਰਕੇ ਇੱਕ ਇਤਿਹਾਸਕ ਕਦਮ ਪੁੱਟਿਆ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਰੇਤੇ ਦੇ ਨਾਮ ਤੇ ਸਿਆਸਤ ਕੀਤੀ ਅਤੇ ਆਪਣੇ ਚਹੇਤਿਆਂ ਨੂੰ ਰੇਤ ਦੀਆਂ ਖੱਡਾਂ ਦੇ ਕੇ ਅੰਨੀ ਕਮਾਈ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨੇ ਸਿੱਧ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੇਤਾ ਸਸਤਾ ਕਰਕੇ ਪੰਜਾਬ ਨੂੰ ਤਰਸਯੋਗ ਹਾਲਤ ਵਿੱਚੋਂ ਬਾਹਰ ਕੱਢਣ ਲਈ ਅਹਿਮ ਕਦਮ ਪੁੱਟਿਆ ਹੈ। ਪੱਤਰਕਾਰਾਂ ਵੱਲੋਂ ਬਾਗਬਾਨੀ ਨੂੰ ਉਤਸਾਹਤ ਕਰਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਜੌੜੇਮਾਜਰਾ ਨੇ ਕਿਹਾ ਕਿ ਦਿਨੋਂ ਦਿਨ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਜੇਕਰ ਹੁਣ ਤੋਂ ਹੀ ਯਤਨ ਨਾ ਚੁੱਕੇ ਗਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੰਭੀਰ ਸਿੱਟੇ ਭੁਗਤਣੇ ਪੈਣਗੇ। ਇਸ ਲਈ ਪੰਜਾਬ ਸਰਕਾਰ ਬਾਗਬਾਨੀ ਨੂੰ ਉਤਸਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਾਗਬਾਨੀ ਹੀ ਇੱਕ ਅਜਿਹਾ ਕਿੱਤਾ ਹੈ ਜਿਸ ਨਾਲ ਜੁੜ ਕੇ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾ ਸਕਦਾ ਹੈ ਅਤੇ ਪਹਿਲਾਂ ਤੋਂ ਹੀ ਆਰਥਿਕ ਤੰਗੀ ਦਾ ਸ਼ਿਕਾਰ ਹੋਈ ਪੰਜਾਬ ਦੀ ਕਿਸਾਨੀ ਵੀ ਬਾਗਬਾਨੀ ਨਾਲ ਜੁੜ ਕੇ ਹੀ ਖੁਸ਼ਹਾਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਦਾ ਧੰਦਾ ਅਪਣਾਉਣ ਵਾਲੇ ਕਿਸਾਨਾਂ ਨੂੰ ਵੱਡੀ ਪੱਧਰ ਤੇ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਵਿਭਾਗ ਵੱਲੋਂ ਬਾਗਬਾਨੀ ਨੂੰ ਖੇਤੀ ਦੇ ਸਹਾਇਕ ਧੰਦੇ ਵਜੋਂ ਉਭਾਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਹੋਰ ਕਿਹਾ ਕਿ ਸਾਡੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਨੂੰ ਚੇਅਰਮੈਨੀਆਂ ਦੇ ਕੇ ਇੱਕ ਇਤਿਹਾਸਕ ਕਦਮ ਪੁੱਟਿਆ ਹੈ ਜਿਸ ਦੀ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੂੰ ਸਾਰਥਕ ਕੰਮਾਂ ਨਾਲ ਲਗਾ ਕੇ ਪੰਜਾਬ ਨੂੰ ਸਹੀ ਅਰਥਾਂ ਵਿੱਚ ਖੁਸ਼ਹਾਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਪੰਜਾਬ ਨੁੰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਅਹਿਮ ਕਦਮ ਚੁੱਕੇ ਜਾਣਗੇ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਗੁਰਇੰਦਰ ਸਿੰਘ ਗੈਰੀ ਬੜਿੰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਸਿੰਘ ਲਿਬੜਾ, ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ, ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ, ਡੇਰਾ ਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਅਮਰਿੰਦਰ ਸਿੰਘ ਮੰਡੋਫਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।