ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ ਤੋਂ ਪਹਿਲਾਂ-ਪਹਿਲਾਂ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਜਾਰੀ : ਜ਼ਿਲ੍ਹਾ ਭਾਸ਼ਾ ਅਫ਼ਸਰ

ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ, ਪੰਜਾਬ ਰਾਜ ਅੰਦਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਸਥਾਪਿਤ ਕਰਨ ਪ੍ਰਤੀ ਪੂਰੀ ਤਰਾਂ ਨਾਲ ਵਚਨਬੱਧ ਹੈ। ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ.ਮੀਤ ਹੇਅਰ ਦੁਆਰਾ ਇਸ ਮਹੱਤਵਪੂਰਨ ਵਿਸ਼ੇ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ 2023 (ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ) ਤੋਂ ਪਹਿਲਾਂ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ /ਬੋਰਡਾਂ/ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ/ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਂ ਅਤੇ ਸੜ੍ਹਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਇਨ-ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿੱਪੀ ਵਿੱਚ ਲਿਖੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸੰਬੰਧੀ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ਼੍ਰੀਮਤੀ ਜਸਪ੍ਰੀਤ ਤਲਵਾੜ ਦੁਆਰਾ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਬੋਰਡ ਉਤੇ ਸਭ ਤੋਂ ਉੱਪਰ  ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਦੀ ਵਰਤੋਂ ਹੋਵੇ ਅਤੇ ਜੇਕਰ ਕਿਸੇ ਦੂਸਰੀ ਭਾਸ਼ਾ ਵਿੱਚ ਲਿਖਣਾ ਜ਼ਰੂਰੀ ਹੋਵੇ ਤਾਂ ਪੰਜਾਬੀ ਭਾਸ਼ਾ ਸਭ ਤੋ ਉੱਪਰ ਲਿਖੀ ਜਾਵੇ। ਪੰਜਾਬ ਵਿੱਚ ਪਹਿਲਾਂ ਹੀ ਪੰਜਾਬ ਰਾਜ ਭਾਸ਼ਾ ਐਕਟ 1967 ਤਰਮੀਮ 2008 ਅਤੇ 2021 ਦੀ ਵਿਵਸਥਾ ਕੀਤੀ ਗਈ ਹੈ। ਭਾਸ਼ਾ ਵਿਭਾਗ ਪੰਜਾਬ ਦੁਆਰਾ ਸਮੇਂ -ਸਮੇਂ ਤੇ ਇਸ ਸੰਬੰਧੀ ਵੱਖ -ਵੱਖ ਦਫ਼ਤਰਾਂ ਦਾ ਨਿਰੀਖਣ ਵੀ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਦੁਆਰਾ ਜਾਰੀ ਨਵੇਂ ਹੁਕਮਾਂ ਤਹਿਤ  ਉਲ਼ੰਘਣਾ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ ਐਕਟ (ਤਰਮੀਮ 2008 ਅਤੇ 2021 ) ਵਿੱਚ ਦਰਜ ਉਪਬੰਧਾਂ ਅਨੁਸਾਰ ਜ਼ੁਰਮਾਨਾ ਲਗਾਉਣ  ਦੀ ਕਾਰਵਾਈ ਕੀਤੀ ਜਾਵੇਗੀ ।