ਬੇਰੋਜ਼ਗਾਰੀ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਪੰਜਾਬ ਸਰਕਾਰ : ਗੈਰੀ ਬੜਿੰਗ

  • ਸਰਕਾਰ ਨੇ ਡੇਢ ਸਾਲ ਅੰਦਰ 35 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਸਿਰਜਿਆ ਇਤਿਹਾਸ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਚੋਹਤਰਫਾ ਵਿਕਾਸ ਲਈ ਸੰਜੀਦਗੀ ਨਾਲ ਕਰ ਰਹੇ ਕੰਮ
  • ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਬਲਾਕ ਦੇ 33 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਫ਼ਤਹਿਗੜ੍ਹ ਸਾਹਿਬ, 12 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੇਰੋਜ਼ਗਾਰੀ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਨੇ ਆਪਣੇ ਡੇਢ ਸਾਲ ਅੰਦਰ ਹੀ 35 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਬਲਾਕ ਦੇ 33 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਸਾਡੀ ਪਾਰਟੀ ਪੰਜਾਬੀਆਂ ਦੀਆਂ ਦੁੱਖ ਤਕਲੀਫਾਂ ਨੂੰ ਸਮਝਦੇ ਹੋਏ ਪੂਰੀ ਸੰਜੀਦਗੀ ਨਾਲ ਸੂਬੇ ਦਾ ਚੋਹਤਰਫਾ ਵਿਕਾਸ ਕਰਵਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਅੰਦਰ ਸਰਕਾਰੀ ਨੌਕਰੀਆਂ ਸਿਰਫ ਰਿਸ਼ਵਤ ਜਾਂ ਸਿਫਾਰਸ਼ਾਂ ਦੇ ਆਧਾਰ ਤੇ ਹੀ ਦਿੱਤੀਆਂ ਜਾਂਦੀਆਂ ਰਹੀਆਂ ਹਨ ਜਿਸ ਕਾਰਨ ਗਰੀਬ ਤੇ ਆਮ ਪਰਿਵਾਰਾਂ ਦੇ ਬੱਚੇ ਯੋਗਤਾ ਰੱਖਦੇ ਹੋਏ ਵੀ ਸਰਕਾਰੀ ਨੌਕਰੀਆਂ ਤੋਂ ਵਾਂਝੇ ਰਹਿ ਜਾਂਦੇ ਸਨ ਪ੍ਰੰਤੂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਿਰਫ ਯੋਗਤਾ ਦੇ ਆਧਾਰ ਤੇ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬੀਆਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ ਸ਼੍ਰੀ ਗੈਰੀ ਬੜਿੰਗ ਨੇ ਨਵ-ਨਿਯੁਕਤ ਆਂਗਨਵਾੜੀ ਵਰਕਰਾਂ ਤੇ ਆਂਗਨਵਾੜੀ ਹੈਲਪਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਮਾਜ ਦੇ ਨਿਰਮਾਣ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਕਿਉਂਕਿ ਉਹ ਇਨਸਾਨ ਦੇ ਜਨਮ ਤੋਂ ਲੈਂ ਕੇ ਅਖੀਰ ਤੱਕ ਉਸ ਦੀ ਸੇਵਾ ਕਰਦੀਆਂ ਹਨ। ਉਨ੍ਹਾਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਬਿਨਾਂ ਕਿਸੇ ਭੇਦ ਭਾਵ ਤੋਂ ਲੋਕਾਂ ਦੀ ਸੇਵਾ ਕਰਨ ਅਤੇ ਸਰਕਾਰ ਵੱਲੋਂ ਛੋਟੇ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਪਿਲਾਉਂਦੀਆਂ ਮਾਵਾਂ ਲਈ ਜੋ ਵੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਹੇਠਲੇ ਪੱਧਰ ਤੱਕ ਹਰੇਕ ਯੋਗ ਵਿਅਕਤੀ ਤੱਕ ਲਾਭ ਪਹੁੰਚਾਉਣ। ਉਨ੍ਹਾਂ ਕਿਹਾ ਕਿ ਆਂਗਨਵਾੜੀ ਸੈਂਟਰਾਂ ਨੂੰ ਮਾਡਲ ਆਂਗਨਵਾੜੀ ਸੈਂਟਰ ਬਣਾਉਣ ਲਈ ਪੰਜਾਬ ਸਰਕਾਰ ਛੇਤੀ ਹੀ ਕਦਮ ਚੁੱਕਣ ਜਾ ਰਹੀ ਹੈ ਅਤੇ ਜਲਦੀ ਹੀ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਮਾਡਲ ਆਂਗਨਵਾੜੀ ਕੇਂਦਰ ਬਣਾਇਆ ਜਾਵੇਗਾ। ਇਸ ਮੌਕੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸ਼੍ਰੀ ਹਰਪ੍ਰੀਤ ਸਿੰਘ ਪ੍ਰਿੰਸ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼੍ਰੀ ਪ੍ਰਦੀਪ ਮਲਹੋਤਰਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਸੀ.ਡੀ.ਪੀ.ਓ. ਅਮਲੋਹ ਸ਼੍ਰੀਮਤੀ ਹਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜਰ ਸਨ।