ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮੁਫਤ ਹੋਵੇਗਾ

ਲੁਧਿਆਣਾ, 20 ਅਕਤੂਬਰ 2024 : ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੇ 15 ਦਿਨਾਂ ਤੋਂ ਮੰਡੀਆਂ ’ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ’ਚ 20 ਅਕਤੂਬਰ ਨੂੰ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ’ਤੇ ਧਰਨਾ ਦੇਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਮੰਡੀਆਂ ’ਚ ਪਈਆਂ ਫ਼ਸਲਾਂ ਨੂੰ ਚੁੱਕਿਆ ਜਾਵੇ। 15 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ ’ਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ 11 ਅਕਤੂਬਰ ਨੂੰ ਲੁਧਿਆਣਾ ਦੀ ਦਾਣਾ ਮੰਡੀ ਦਾ ਦੌਰਾ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਲਿਫਟਿੰਗ ਦਾ ਕੰਮ ਕਰਨ ਦਾ ਭਰੋਸਾ ਦਿੱਤਾ ਸੀ। ਦੋ-ਤਿੰਨ ਦਿਨਾਂ ’ਚ ਝੋਨੇ ਦੀ ਫ਼ਸਲ ਚੁੱਕਣ ਦਾ ਕੰਮ ਸ਼ੁਰੂ ਹੋ ਜਾਵੇਗਾ ਪਰ 9 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਦੀ ਫ਼ਸਲ ਮੰਡੀ ’ਚ ਪਈ ਹੈ, ਜਿਸ ਕਾਰਨ 20 ਅਕਤੂਬਰ ਨੂੰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸਭ ਤੋਂ ਪਹਿਲਾਂ ਨਵੀਂ ਦਾਣਾ ਮੰਡੀ ਵਿਖੇ ਇਕੱਠ ਕਰੇਗੀ। ਉਨ੍ਹਾਂ ਕਿਹਾ ਕਿ ਜਲੰਧਰ ਬਾਈਪਾਸ ’ਤੇ ਮੰਡੀ ਤੋਂ ਟਰੱਕਾਂ ਅਤੇ ਟਰਾਲੀਆਂ ’ਚ ਝੋਨੇ ਦੀਆਂ ਬੋਰੀਆਂ ਭਰ ਕੇ ਲਾਡੋਵਾਲ ਟੋਲ ਪਲਾਜ਼ਾ ’ਤੇ ਲਿਜਾਇਆ ਜਾਵੇਗਾ ਅਤੇ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੱਕ ਟੋਲ ਪਲਾਜ਼ਾ ਖ਼ਾਲੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਸਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ’ਚ ਵੇਚਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰਾਂ ਨੂੰ ਕਿਸਾਨਾਂ ਦੀ ਕੋਈ ਪਰਵਾਹ ਨਹੀਂ ਹੈ।