ਸ਼ਹੀਦਾਂ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਬਣਾ ਰਹੇ ਰੰਗਲਾ : ਕੁਲਤਾਰ ਸਿੰਘ ਸੰਧਵਾਂ

  • ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ
  • ਪੁਰਾਤਨ ਵਿਰਾਸਤ ਨੂੰ ਸੰਭਾਲਣਾ ਸਾਡੀ ਸਭ ਦੀ ਜ਼ਿੰਮੇਵਾਰੀ
  • ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੋਲਰ ਸਿਸਟਮ ਦਾ ਉਦਘਾਟਨ ਕੀਤਾ
  • ਗੁਰਦੂਆਰਾ ਜੋਤੀ ਸਰੂਪ ਸਾਹਿਬ ਤੇ ਗੁਰਦੂਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੀਵਾਨ ਟੋਡਰ ਮੱਲ ਦੀ ਹਵੇਲੀ ਦਾ ਲਿਆ ਜਾਇਜ਼ਾ 

ਫ਼ਤਹਿਗੜ੍ਹ ਸਾਹਿਬ 30 ਅਗਸਤ : ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੁਨੀਆਂ ਭਰ ਵਿੱਚੋਂ ਸਭ ਤੋਂ ਮਹਿੰਗੀ ਧਰਤੀ ਹੈ ਇਸ ਧਰਤੀ ਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੋਲਰ ਸਿਸਟਮ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸੋਂਹ ਚੁਕ ਕੇ ਸੂਬੇ ਦਾ ਵਿਕਾਸ ਦਾ ਬੀੜਾ ਚੁੱਕਿਆ ਹੈ ਅਤੇ ਹੁਣ ਵੀ ਅਸੀਂ ਸ਼ਹੀਦਾਂ ਦੇ ਆਸ਼ੀਰਵਾਦ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਾਂ। ਸ. ਸੰਧਵਾਂ ਗੁਰਦੂਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੀਵਾਨ ਟੋਡਰ ਮੱਲ ਦੀ ਹਵੇਲੀ ਦਾ ਜਾਇਜ਼ਾ ਲੈਣ ਵੀ ਪਹੁੰਚੇ। ਇਸ ਤੋਂ ਪਹਿਲਾਂ ਸ. ਸੰਧਵਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ। ਦੀਵਾਨ ਟੋਡਰ ਮੱਲ ਦੀ ਹਵੇਲੀ ਦਾ ਦੌਰਾ ਕਰਨ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਜੀ ਨੇ ਗੁਰੂ ਸਾਹਿਬ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਖਾਤਰ ਆਪਣਾ ਸਭ ਕੁਝ ਵਾਰ ਦਿੱਤਾ ਸੀ। ਜਿਸ ਕਾਰਨ ਦੁਨੀਆਂ ਭਰ ਦੇ ਲੋਕ ਉਨ੍ਹਾਂ ਤੋਂ ਪ੍ਰੇਰਨਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਉਣ ਵਾਲੀਆਂ ਕੌਮਾਂ ਕਦੇ ਵੀ ਤਰੱਕੀ ਨਹੀਂ ਕਰ ਸਕਦੀਆਂ ਜਦੋਂ ਕਿ ਮਹਾਨ ਸ਼ਹੀਦਾਂ ਵੱਲੋਂ ਵਿਖਾਏ ਮਾਰਗ ਤੇ ਚੱਲਣ ਵਾਲੀਆਂ ਕੌਮਾਂ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਰਬੱਤ ਦੇ ਭਲੇ ਦਾ ਜੋ ਸੰਦੇਸ਼ ਸਾਨੂੰ ਦਿੱਤਾ ਹੈ ਉਸ ਤੇ ਚੱਲ ਕੇ ਹੀ ਦੁਨੀਆਂ ਦੀ ਭਲਾਈ ਹੋ ਸਕਦੀ ਹੈ ਅਤੇ ਸਾਨੂੰ ਆਪਣੇ ਗੁਰੂ ਸਾਹਿਬਾਨ ਵੱਲੋਂ ਆਪਸੀ ਭਾਈਚਾਰੇ ਦੇ ਦਿੱਤੇ ਸੰਦੇਸ਼ ਨੂੰ ਹਮੇਸ਼ਾਂ ਅੱਗੇ ਵਧਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਮਾਂ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਆਪਣੇ ਮਹਾਨ ਸ਼ਹੀਦਾਂ ਦੀਆਂ ਜੀਵਨੀਆਂ ਤੇ ਉਨ੍ਹਾਂ ਦੀ ਕੁਰਬਾਨੀਆਂ ਤੋਂ ਜਾਣੂ ਕਰਵਾਈਏ ਕਿਉਂਕਿ ਇਸੇ ਵਿੱਚ ਹੀ ਸਾਡੀ ਸਭ ਦੀ ਭਲਾਈ ਹੈ। ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਜੋ ਕੇਸ ਮਾਣਯੋਗ ਅਦਾਲਤ ਵਿੱਚ ਚੱਲ ਰਿਹਾ ਹੈ ਉਸ ਬਾਰੇ ਵੀ ਸਰਕਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਵੇਗੀ। ਸਪੀਕਰ ਸੰਧਵਾਂ ਨੇ ਕਿਹਾ ਕਿ ਆਪਣੀਆਂ ਇਤਿਹਾਸਕ ਵਿਰਾਸਤਾਂ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ ਕਿਉਂਕਿ ਇਨ੍ਹਾਂ ਵਿਰਾਸਤਾਂ ਕਾਰਨ ਹੀ ਸਾਡੇ ਨੌਜਵਾਨ ਸਹੀ ਰਾਹ ਤੇ ਤੁਰ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਣਾਈ ਗਈ ਸਿੱਖਾਂ ਦੀ ਬਹਾਦਰੀ ਨੂੰ ਪੂਰੀ ਦੁਨੀਆਂ ਵਿੱਚ ਇੱਜ਼ਤ ਦੀ ਨਜ਼ਰ ਨਾਲ ਵੇਖਿਆ ਜਾਂਦਾ ਹੈ। ਸਿੱਖ ਹਮੇਸ਼ਾਂ ਹੀ ਸਮਾਜ ਦੀ ਭਲਾਈ ਅਤੇ ਸਰਬੱਤ ਦੇ ਭਲੇ ਲਈ ਅੱਗੇ ਹੋ ਕੇ ਕੰਮ ਕਰਦੇ ਹਨ ਜੋ ਕਿ ਸਾਡੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਦੀਵਾਨ ਟੋਡਰ ਮੱਲ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਫਾਊਂਡੇਸ਼ਨ ਵੱਲੋਂ ਦੀਵਾਨ ਟੋਡਰ ਮੱਲ ਦੀ ਹਵੇਲੀ ਅਤੇ ਸਧਨੇ ਕਸਾਈ ਦੀ ਮਸੀਤ ਨੁੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਲੈਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸ ਜੀ ਪੀ ਸੀ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਧਾਮੀ,  ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅਜੇ ਸਿੰਘ ਲਿਬੜਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ ਰਵਜੋਤ ਗਰੇਵਾਲ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ,  ਕੰਵਰਬੀਰ ਸਿੰਘ ਰਾਏ, ਅਮਰਿੰਦਰ ਸਿੰਘ ਮੰਡੋਫਲ, ਗੁਰਸਤਿੰਦਰ ਸਿੰਘ ਜੱਲ੍ਹਾ, ਪਵੇਲ ਹਾਂਡਾ, ਸਨੀ ਚੋਪੜਾ, ਸਤੀਸ਼ ਲਟੌਰ,ਮਾਨਵ, ਨਵਨੀਤ ਸਿੰਘ ਨਵੀਂ ਵੀ ਹਾਜ਼ਰ ਸਨ।