ਝੋਨੇ ਦੀ ਸਿੱਧੀ ਬਿਜਾਈ ਲਈ ਦਿੱਤੀ ਜਾਣ ਵਾਲੀ ਸਬਸਿਡੀ ਲੈਣ ਲਈ ਰਜਿਸਟਰੇਸ਼ਨ ਜਰੂਰੀ : ਮੁੱਖ ਖੇਤੀਬਾੜੀ ਅਫਸਰ

  • ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਕਰ ਰਹੀਆਂ ਰਜਿਸਟਰੇਸ਼ਨ ਤੇ ਸਿੱਧੀ ਬਿਜਾਈ ਬਾਰੇ ਜਾਗਰੂਕ

ਫ਼ਤਹਿਗੜ੍ਹ ਸਾਹਿਬ, 23 ਜੂਨ : ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 1500/- ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਲਈ ਕਿਸਾਨਾਂ ਦੀ ਰਜਿਸਟਰੇਸ਼ਨ ਜਰੂਰੀ ਹੈ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਜਿਥੇ ਕਿਸਾਨਾਂ ਦੀ ਰਜਿਸਟਰੇਸ਼ਨ ਕਰਵਾ ਰਹੀਆਂ ਹਨ ਉਥੇ ਹੀ ਝੋਨੇ ਦੀ ਸਿੱਧੀ ਬਿਜਾਈ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਸਫਲਤਾ ਪੂਰਬਕ ਨੇਪਰੇ ਚਾੜਿਆ ਜਾ ਸਕੇ। ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ: ਕੁਲਵਿੰਦਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਪੋਰਟਲ agrimachinerypb.com ਤੇ ਖੇੜਾ ਬਲਾਕ ਦੇ ਪਿੰਡ ਮਹਿਤਾਬਗੜ੍ਹ ਦੇ ਕਈ ਕਿਸਾਨਾਂ ਦੀ ਰਜਿਸਟਰੇਸ਼ਨ ਕੀਤੀ ਗਈ ਜਿਨ੍ਹਾਂ ਨੇ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਪ੍ਰਤੀ ਉਤਸ਼ਾਹ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਪ੍ਰੋਤਸਾਹਨ ਰਾਸ਼ੀ ਲੈਣ ਲਈ ਕਿਸਾਨ ਵਿਭਾਗੀ ਪੋਰਟਲ ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਸ਼੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਉਨ੍ਹਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਤਕਨੀਕੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 25 ਜੂਨ ਤੱਕ ਰਜਿਸਟਰੇਸ਼ਨ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਵਿੱਚ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਪੁਨੀਤ ਕੁਮਾਰ, ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀਨਰਾਇਣ ਰਾਮ ਅਤੇ ਸਹਾਇਕ ਤਕਨੀਕੀ ਮੈਨੇਜਰ ਸ਼੍ਰੀ ਰਾਜਵੀਰ ਸਿੰਘ ਸ਼ਾਮਲ ਹਨ।  ਇਸ ਮੌਕੇ ਖੇਤੀਬਾੜੀ ਅਫਸਰ ਪੁਨੀਤ ਕੁਮਾਰ ਨੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਕਰਨ ਤੋਂ ਗੁਰੇਜ ਕਰਨ ਲਈ ਪ੍ਰੇਰਿਤ ਕੀਤਾ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਬੇਲੋੜੇ ਕੀਟਨਾਸ਼ਕ, ਨਦੀਨ ਨਾਸ਼ਕ ਦੀ ਸਪਰੇਅ ਕਰਨ ਤੋਂ ਗੁਰੇਜ ਕਰਨ ਬਾਰੇ ਵੀ ਕਿਹਾ। ਉਨ੍ਹਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲੀ ਵਿਭਿੰਨਤਾ ਅਪਨਾਉਣ ਬਾਰੇ ਵੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਅਤੇ ਕੁਦਰਤੀ ਸੋਮਿਆ ਨੂੰ ਬਚਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਨਰਾਇਣ ਰਾਮ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦਾ ਇੱਕੋ ਇੱਕ ਮੰਤਵ ਪਾਣੀ ਦੀ ਸੰਜਮ ਨਾਲ ਵਰਤੋਂ ਕਰਕੇ ਧਰਤੀ ਨੂੰ ਬੰਜਰ ਹੋਣ ਤੋਂ ਰੋਕਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾ ਕੇ ਪੰਜਾਬ ਦੀ ਖੁਸ਼ਹਾਲੀ ਕਾਇਮ ਰੱਖਣ ਵਿੱਚ ਯੋਗਦਾਨ ਪਾਉਣਾ ਹੈ।