ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਹੋਈ ਰਿਹਰਸਲ

  • ਡਿਪਟੀ ਕਮਿਸ਼ਨਰ ਨੇ ਪਰੇਡ ਦਾ ਕੀਤਾ ਨਿਰੀਖਣ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਰੀਦਕੋਟ 13 ਅਗਸਤ,2024 : ਸੁੰਤਤਰਤਾ ਦਿਵਸ ਦੇ ਮੌਕੇ ਤੇ  ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਅੱਜ ਨਹਿਰੂ ਸਟੇਡੀਅਮ ਵਿਖੇ ਹੋਈ, ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ । ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ  ਦੌਰਾਨ ਸਮੂਹ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ, ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ, ਪੀਣ ਵਾਲੇ ਪਾਣੀ, ਆਰਜੀ ਪਖਾਨੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖਤਾ ਹੋਣੇ ਚਾਹੀਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ. ਜਗਜੀਤ ਸਿੰਘ, ਐਸ.ਡੀ.ਐਮ ਸ੍ਰੀ ਵਰੁਣ ਕੁਮਾਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ.ਗੁਰਦੀਪ ਸਿੰਘ ਮਾਨ, ਡੀ.ਈ.ਓ ਪ੍ਰਦੀਪ ਦਿਉੜਾ, ਜਸਬੀਰ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।