ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਿੱਖਿਆ ਢਾਂਚੇ ਦੀ ਕਾਇਆ-ਕਲਪ ਸ਼ੁਰੂ ਕੀਤੀ : ਸਿੱਖਿਆ ਮੰਤਰੀ ਬੈਂਸ

  • ਪੰਜਾਬ ਦੀ ਸਰਕਾਰੀ ਸਕੂਲ ਸਿੱਖਿਆ ਨਵੇਂ ਦੌਰ ਵਿੱਚ ਦਾਖਲ : ਹਰਜੋਤ ਬੈਂਸ
  • ‘‘ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ 80 ਫ਼ੀਸਦੀ ਸਕੂਲਾਂ ਵਿੱਚ ਕਿਤਾਬਾਂ ਪੁੱਜੀਆਂ’’

ਐਸ.ਏ.ਐਸ. ਨਗਰ, 06 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਕੂਲੀ ਸਿੱਖਿਆ ਦੇਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨਵੇਂ ਦੌਰ ਵਿੱਚ ਦਾਖਲ ਹੋ ਗਈ ਹੈ ਜਿੱਥੇ ਸਕੂਲਾਂ ਵਿੱਚ ਉੱਚ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਸ਼ਾਨਦਾਰ ਮਹੌਲ ਸਿਰਜਣ ਦੀ ਪ੍ਰਕਿਰਿਆ ਆਰੰਭੀ ਗਈ ਹੈ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੋਹਾਣਾ ਦੇ ਦੌਰੇ ਦੌਰਾਨ  ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਆਦੇਸ਼ਾਂ ਦੇ ਅਨੁਸਾਰ ਵੱਖ ਵੱਖ ਜ਼ਿਲਿ੍ਹਆਂ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਉਹ ਖੁਦ ਸਕੂਲਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ  ਸਰਕਾਰੀ ਸਕੂਲਾਂ  ਦੀ ਕਾਇਆ-ਕਲਪ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿਚ ਵੀ ਵਾਧਾ ਹੋਇਆ ਹੈ। ਇਸ ਸਾਲ ਦਾਖ਼ਲਾ ਮੁਹਿੰਮ ਦੌਰਾਨ ਕਈ ਸਰਕਾਰੀ ਅਧਿਕਾਰੀਆਂ/ਅਧਿਆਪਕਾਂ ਨੇ ਆਪਣੇ  ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿਚ ਦਾਖਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ  ਹੀ ਸੂਬੇ ਦੇ 80 ਫ਼ੀਸਦੀ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪੁੱਜਦੀਆਂ ਕਰ ਦਿੱਤੀਆਂ ਹਨ ਅਤੇ ਬਾਕੀ ਸਕੂਲਾਂ ਵਿੱਚ 10 ਅਪ੍ਰੈਲ ਤੱਕ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਬੱਚਿਆਂ ਨੂੰ ਸਤੰਬਰ-ਅਕਤੂਬਰ ਤੱਕ ਵੀ ਕਿਤਾਬਾਂ ਨਹੀਂ ਮਿਲਦੀਆਂ ਸਨ ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਸੀ।  ਇਸ ਨੂੰ ਦੇਖਦੇ ਹੋਏ ਸਾਡੀ ਸਰਕਾਰ ਨੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋਣ ਤੋਂ ਰੋਕਣ ਲਈ ਇਸ ਸਾਲ ਪੜ੍ਹਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਚਿਆਂ ਦੇ ਤੱਕ ਕਿਤਾਬਾਂ ਪਹੁੰਚਾਈਆਂ ਹਨ। ਸ. ਹਰਜੋਤ ਸਿੰਘ ਬੈਂਸ ਕਿਹਾ ਕਿ ਪੜ੍ਹਾਈ ਦੇ ਮਿਆਰ ਵਿੱਚ ਵਾਧਾ ਕਰਨ ਲਈ ਸੂਬੇ ਵਿੱਚ 117 ਸਕੂਲ ਆਫ ਐਮੀਨੈਂਸ ਸਕੂਲ ਖੋਲ੍ਹੇ ਗਏ ਹਨ। ਇਨ੍ਹਾਂ ਸਕੂਲਾਂ ਵਿਚ ਸਰਕਾਰੀ ਸਕੂਲਾਂ ਦੇ 75 ਫ਼ੀਸਦੀ ਵਿਦਿਆਰਥੀ ਨੂੰ ਦਾਖਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿਵਾਈ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿਚ ਸਿੱਖਿਆ ਪ੍ਰਣਾਲੀ ਵਿਚ ਵਿਆਪਕ ਪੱਧਰ ਉੱਤੇ ਸੁਧਾਰ ਕੀਤਾ ਜਾ ਸਕੇ। ਸ. ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਸੂਬੇ ਦੇ ਸਕੂਲਾਂ ਵਿਚ 2000 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਹਨ ਅਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਸਕੂਲਾਂ ਵਿਚ ਸ਼ਾਨਦਾਰ ਫਰਨੀਚਰ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜਲਦ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਤੋਂ ਬੇਹੱਦ ਸੰਤੁਸ਼ਟ ਹੋਣਗੇ। ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰੀ ਸਕੂਲ ਵਿੱਚ ਪੂਰਾ ਸਟਾਫ਼ ਮੁਹੱਈਆ ਕਰਵਾਉਣ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ/ਖੇਡਾਂ ਲਈ ਕੋਚ ਦਿੱਤੇ ਜਾਣਗੇ। ਪ੍ਰਿੰਸੀਪਲਾਂ ਨੂੰ  ਵਿਦੇਸ਼ਾਂ ਤੋਂ ਟਰੇਨਿੰਗ ਦਿਵਾਉਣ ਦੀ ਗਤੀ ਵਿੱਚ ਵਾਧਾ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ ਨਾਲ ਗੱਲਬਾਤ ਕਰ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਨੇ ਮਿਡ ਡੇਅ ਮੀਲ ਨੂੰ ਚੈਕ ਕੀਤਾ ਅਤੇ ਬੱਚਿਆਂ ਨਾਲ ਬੈਠ ਕੇ ਖਾਣਾ ਵੀ ਖਾਧਾ। ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਹੋਰ ਪਤਵੰਤੇ ਹਾਜ਼ਰ ਸਨ।