ਪੰਜਾਬ ਦੀਆਂ 883 ਕਿਲੋਮੀਟਰ ਲੰਬੀਆਂ 110 ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ : ਈ.ਟੀ.ਓ.

  • ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ

ਪਟਿਆਲਾ, 29 ਮਈ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਟਿਆਲਾ ਸਥਿਤ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਬੈਠਕ ਕਰਕੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧੀਨ ਚੱਲ ਰਹੇ ਲਿੰਕ ਰੋਡ, ਪਲੈਨ ਰੋਡ, ਕਲਵਰਟ, ਪੁਲਾਂ ਅਤੇ ਇਮਾਰਤਾਂ ਦੇ ਕੰਮਾਂ ਦੇ ਤਖਮੀਨਿਆਂ, ਟੈਂਡਰਾਂ ਦੀ ਮੰਨਜੂਰੀ ਆਦਿ ਦੀ ਪ੍ਰਕਿਰਿਆ ਦੀ ਵਿਸਥਾਰ 'ਚ ਸਮੀਖਿਆ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਪੀ.ਡਬਲਿਊ.ਡੀ. ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਨੂੰ ਹੋਰ ਤੇਜ ਕਰਦੇ ਹੋਏ ਸਾਰੇ ਕਾਰਜ ਭ੍ਰਿਸ਼ਟਾਚਾਰ ਰਹਿਤ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ, ਇਸ ਲਈ ਸੂਬੇ ਦੀਆਂ ਪੀ.ਸੀ.ਆਈ.-1 ਤੇ 2 ਅਤੇ ਨਬਾਰਡ ਤਹਿਤ 883 ਕਿਲੋਮੀਟਰ ਲੰਬੀਆਂ ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਕਰਵਾਇਆ ਜਾਵੇਗਾ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਵਿਕਾਸ ਲਈ ਮੁੱਖ ਬੁਨਿਆਦੀ ਢਾਂਚਾ ਤਿਆਰ ਕਰਨ ਮੌਕੇ ਉਸਾਰੀ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਭਾਗ ਦੀਆਂ ਸਾਰੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਨੂੰ ਲੰਬਿਤ ਕਾਰਜ ਤੁਰੰਤ ਨੇਪਰੇ ਚੜਾਉਣ ਲਈ ਹਦਾਇਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਕਾਰਜਕਾਰੀ ਇੰਜੀਨੀਅਰ (ਪਲੈਨ ਰੋਡ) ਨੂੰ ਹਦਾਇਤ ਕੀਤੀ ਕਿ ਪੀਸੀਆਈ-1 ਅਧੀਨ ਪੈਂਦੀਆਂ 246 ਕਿਲੋਮੀਟਰ ਲੰਬੀਆਂ 37 ਸੜਕਾਂ, ਜਿਨ੍ਹਾਂ ਦੀ ਹਾਲਤ ਬਹੁਤ ਖਰਾਬ ਹੈ, ਦੀ ਲਗਭਗ 180 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕਰਵਾਉਣ ਦੇ ਕੰਮ ਵੀ ਤੁਰੰਤ ਸ਼ੁਰੂ ਕੀਤੇ ਜਾਣ। ਜਦੋਂਕਿ ਪੀਸੀਆਈ-2 ਅਧੀਨ ਪੈਂਦੀਆਂ 283 ਕਿਲੋਮੀਟਰ ਲੰਬੀਆਂ 32 ਸੜਕਾਂ ਦਾ ਕੰਮ ਆਉਣ ਵਾਲੇ ਦਿਨਾਂ ਵਿੱਚ ਲਗਭਗ 253 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ।ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਨਾਬਾਰਡ 28 ਸਕੀਮ ਅਧੀਨ 334 ਕਿਲੋਮੀਟਰ ਲੰਬੀਆਂ 41 ਸੜਕਾਂ ਦੀ ਰਿਪੇਅਰ ਦਾ ਕੰਮ 245 ਕਰੋੜ ਰੁਪਏ ਨਾਲ ਸ਼ੁਰੂ ਕੀਤਾ ਜਾਣਾ ਹੈ, ਇਸ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਲਿੰਕ ਸੜਕਾਂ ਅਤੇ ਇਮਾਰਤਾਂ ਦੇ ਲੰਬਿਤ ਕੰਮਾਂ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਜੇ.ਐਸ. ਆਨੰਦ, ਅਨਿਲ ਗੁਪਤਾ, ਤੇ ਸਮੇਤ ਵੱਖ-ਵੱਖ ਬ੍ਰਾਚਾਂ ਦੇ ਕਾਰਜਕਾਰੀ ਇੰਜੀਨੀਅਰਜ਼ ਨਵੀਨ ਮਿੱਤਲ, ਮਨਪ੍ਰੀਤ ਦੂਆ, ਪਿਯੂਸ਼ ਅਗਰਵਾਲ, ਮਨੋਜ ਕੁਮਾਰ, ਮਲਕੀਤ ਸਿੰਘ ਤੇ ਰਾਜੇਸ਼ ਚਾਨਣਾ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।