ਜ਼ਿਲ੍ਹਾ ਪ੍ਰਸ਼ਾਸਨ ਦੀ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦਾ ਅਸਰ, ਬਿੰਬੜੀ ਦੇ ਅਗਾਂਹਵਧੂ ਕਿਸਾਨ  ਕਰੀਬ 100 ਏਕੜ ਰਕਬੇ ਵਿੱਚ ਬਣਵਾ ਰਹੇ ਹਨ ਪਰਾਲੀ ਦੀਆਂ ਗੱਠਾਂ

  • ਐਸਡੀਐਮ ਵਿਨੀਤ ਕੁਮਾਰ ਦੀ ਅਗਵਾਈ ਹੇਠ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਨੇ ਬੇਲਰ ਮਸ਼ੀਨ ਦਾ ਕਰਵਾਇਆ ਪ੍ਰਬੰਧ

ਭਵਾਨੀਗੜ੍ਹ/ਸੰਗਰੂਰ, 18 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਚੱਲ ਰਹੀ ਪਰਾਲੀ ਪ੍ਰਬੰਧਨ ਜਾਗਰੂਕਤਾ ਮੁਹਿੰਮ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਭਵਾਨੀਗੜ੍ਹ ਦੇ ਪਿੰਡ ਬਿੰਬੜੀ ਦੇ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਨੇ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਬੇਲਰ ਮਸ਼ੀਨ ਮੁਹੱਈਆ ਕਰਵਾਈ ਜਿਸ ਨਾਲ ਕੁਲਦੀਪ ਸਿੰਘ, ਬਿੱਟੂ ਸਿੰਘ, ਸਰਬਜੀਤ ਸਿੰਘ ਸਮੇਤ ਹੋਰ ਕਿਸਾਨਾਂ ਨੇ ਕਰੀਬ 100 ਏਕੜ ਰਕਬੇ ਵਿੱਚ ਪਰਾਲੀ ਦੀਆਂ ਗੱਠਾਂ ਬਣਵਾਉਣ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਬਿੰਬੜੀ ਦੇ ਅਗਾਂਹਵਧੂ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਦਾ ਰਾਹ ਅਪਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਪਰਾਲੀ ਪ੍ਰਬੰਧਨ ਚੰਗਾ ਜ਼ਰੀਆ ਹੈ।  ਉਪ ਮੰਡਲ ਮੈਜਿਸਟਰੇਟ ਵਿਨੀਤ ਕੁਮਾਰ ਨੇ ਇਨ੍ਹਾਂ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਪ੍ਰਬੰਧਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਉਹ ਐਸ ਡੀ ਐਮ ਦਫਤਰ ਜਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ।