ਮਾਲ ਅਧਿਕਾਰੀ ਈ. ਸੇਵਾ ਰਾਹੀਂ ਪ੍ਰਾਪਤ ਹੋਣ ਵਾਲੀ ਡਾਕ ਦਾ ਰੋਜ਼ਾਨਾਂ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ

  • ਐਸ.ਡੀ.ਐਮ. ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿੱਜੀ ਤੌਰ ਤੇ ਕਰਨ ਚੈਕਿੰਗ
  • ਪਟਵਾਰੀਆਂ ਵੱਲੋਂ ਰੱਖੇ ਗਏ ਪ੍ਰਾਈਵੇਟ ਵਿਅਕਤੀਆਂ ਬਾਰੇ ਸਮੇਂ-ਸਮੇਂ ਤੇ ਕੀਤੀ ਜਾਵੇ ਚੈਕਿੰਗ
  • ਲੋਕਾਂ ਦੇ ਕੰਮਾਂ ਵਿੱਚ ਰੁਕਾਵਟ ਪਾਉਣ ਵਾਲੇ ਕਿਸੇ ਵੀ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਸਮੂਹ ਮਾਲ ਅਧਿਕਾਰੀ ਈ.ਸੇਵਾ ਰਾਹੀਂ ਪ੍ਰਾਪਤ ਹੋਣ ਵਾਲੀ ਡਾਕ ਦਾ ਰੋਜ਼ਾਨਾਂ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਤੇ ਈ. ਸੇਵਾ ਵਿੱਚ ਪੈਡਿੰਗ ਕੰਮ ਵਿਖਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹਦਾਇਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਦੀ ਨਿੱਜੀ ਤੌਰ ਤੇ ਚੈਕਿੰਗ ਕੀਤੀ ਜਾਵੇ ਤਾਂ ਜੋ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਆਮ ਆਦਮੀ ਕਲੀਨਿਕਾਂ ਦੀ ਨਿਰੰਤਰ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਪਟਵਾਰੀਆਂ ਕੋਲ ਰੱਖੇ ਗਏ ਪ੍ਰਾਈਵੇਟ ਵਿਅਕਤੀਆਂ ਬਾਰੇ ਸਮੇਂ-ਸਮੇਂ ਤੇ ਚੈਕਿੰਗ ਕਰਕੇ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਲੋਕਾਂ ਦੇ ਕੰਮਾਂ ਵਿੱਚ ਕਿਸੇ ਵੀ ਅਧਿਕਾਰੀ ਕਾਰਨ ਖੜੋਤ ਨਹੀਂ ਆਉਣੀ ਚਾਹੀਦੀ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਸਬੰਧਤਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪਰਨੀਤ ਸ਼ੇਰਗਿੱਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਦੇ ਮਾਲ ਵਿਭਾਗ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਲਈ ਸੁਵਿਧਾ ਕੈਂਪ ਲਗਾਏ ਜਾਣ ਅਤੇ ਇਨ੍ਹਾਂ ਕੈਂਪਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਈਵੇਟ ਥਾਂ ਤੇ ਬੈਠੇ ਪਟਵਾਰੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਪਟਵਾਰ ਖਾਨਿਆਂ ਵਿੱਚ ਬਿਠਾਉਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਇਨ੍ਹਾਂ ਪਟਵਾਰ ਖਾਨਿਆਂ ਨੂੰ ਬਣਾਉਣ ਦੇ ਖਰਚ ਆਏ ਪੈਸੇ ਵਿਅਰਥ ਨਾ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਬਸੀ ਪਠਾਣਾ ਡਾ: ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਸਿੰਘ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਹੋਰ ਅਧਿਕਾਰੀ ਵੀ ਹਾਜਰ ਸਨ।