ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਸਮੀਖਿਆ ਮੀਟਿੰਗ

  • ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 
  • ਸੁਖਨਾ ਚੋਅ ਦੀ ਗਾਰ ਕੱਢਣ ਦੇ ਕੰਮ ਵਿਚ ਐਨ. ਜੀ.ਓਜ਼. ਤੇ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ 

ਐਸ.ਏ.ਐਸ.ਨਗਰ, 03 ਜੂਨ : ਮੌਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਹਨਾਂ ਨੇ ਉੱਚੇ ਤੌਰ ਉੱਤੇ ਦੱਸਿਆ ਕਿ ਜ਼ਿਲ੍ਹੇ ਵਿਚੋਂ ਲੰਘਦੇ ਸੁਖਨਾ ਚੋਅ ਸਬੰਧੀ ਡਰੇਨੇਜ ਵਿਭਾਗ ਵੱਲੋਂ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਜਾਣਾ ਹੈ। ਇਸ ਕੰਮ ਵਿਚ ਨਗਰ ਕੌਂਸਲ ਜ਼ੀਰਕਪੁਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਹਨਾਂ ਨੇ ਐਨ ਜੀ ਓਜ਼ ਨੂੰ ਅਪੀਲ ਕੀਤੀ ਕਿ ਵੱਧ ਚੜ੍ਹ ਕੇ ਇਸ ਕੰਮ ਵਿੱਚ ਸਹਿਯੋਗ ਦੇਣ ਤੇ ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਕਾਰਜ ਸਬੰਧੀ ਵੱਧ ਚੜ੍ਹ ਕੇ ਸਹਿਯੋਗ ਦੇਣ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੇਂ ਤੋਂ ਪਹਿਲਾਂ ਕੀਤੀ ਤਿਆਰੀ ਨਾਲ ਜਿੱਥੇ ਸੰਕਟ ਦੀ ਸਥਿਤੀ ਨੂੰ ਸਹੀ ਤਰੀਕੇ ਨਾਲ ਨਜਿੱਠਿਆ ਜਾ ਸਕਦਾ ਹੈ, ਉੱਥੇ ਹੀ ਕੰਮ 'ਚ ਕੁਸ਼ਲਤਾ ਵੀ ਵਧਦੀ ਹੈ। ਅਗਾਮੀ ਮੌਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੀ ਤਰਾਂ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ ਆਦਿ ਸਮਾਨ ਦੀ ਅਗੇਤੇ ਤੌਰ ’ਤੇ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ  ਸ਼ਹਿਰਾਂ ਅਤੇ ਪਿੰਡਾਂ ਦੇ ਡਰੇਨੇਜ ਅਤੇ ਸੀਵਰੇਜ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਵੱਲੋਂ ਡਰੇਨਾਂ/ਨਾਲਿਆਂ ਆਦਿ ਦੀ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ,ਡਾਕਟਰਾਂ ਦੀਆਂ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ, ਦੂਰ ਸੰਚਾਰ ਵਿਵਸਥਾ, ਬਿਜਲੀ ਨਿਰਵਿਘਨ ਅਤੇ ਸੁਰੱਖਿਆ ਸਪਲਾਈ, ਵਾਹਨਾਂ ਦੇ ਪ੍ਰਬੰਧ, ਵਾਇਰਲੈੱਸ ਸੈੱਟ ਲਗਾਉਣ, ਤੈਰਾਕ, ਕਿਸ਼ਤੀ ਚਾਲਕਾਂ ਅਤੇ ਗੋਤਾਖੋਰਾਂ ਦੀ ਸੂਚੀ ਆਦਿ ਦੇ ਪ੍ਰਬੰਧ ਪਹਿਲਾ ਹੀ ਮੁਕੰਮਲ ਕਰ ਲਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੀ ਸਹੀ ਨਿਕਾਸੀ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ  ਸਮੇਂ ਸਿਰ ਕਰਵਾਉਣ  ਨੂੰ ਯਕੀਨੀ ਬਣਾਇਆ ਜਾਵੇ।  ਬਰਸਾਤਾਂ ਦੇ ਮੌਸਮ 'ਚ ਜਿਨ੍ਹਾਂ ਸੜਕਾਂ ਦਾ ਨੁਕਸਾਨ ਹੁੰਦਾ ਹੈ, ਉਨ੍ਹਾਂ ਦੀ ਸ਼ਨਾਖ਼ਤ ਕਰਨ ਅਤੇ ਸੜਕ ਟੁੱਟਣ ਦੀ ਸਥਿਤੀ ਵਿੱਚ ਜੇਕਰ ਸੜਕਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਪੈਂਦੀ ਹੈ ਤਾਂ ਤੁਰੰਤ ਉਸ ਨੂੰ ਚਾਲੂ ਕਰਵਾਇਆ ਜਾਵੇ ਅਤੇ ਜੇਕਰ ਹਨੇਰੀ ਕਾਰਨ ਕਿਸੇ ਸੜਕ ਤੇ ਦਰੱਖਤ ਆਦਿ ਡਿੱਗਦੇ ਹਨ ਤਾਂ ਉਸ ਸਬੰਧੀ ਫ਼ੌਰੀ ਲੋੜੀਂਦੀ ਕਾਰਵਾਈ ਕਰਦੇ ਹੋਏ ਸੜਕ ਤੋਂ ਦਰੱਖਤ ਆਦਿ ਚੁਕਵਾਏ ਜਾਣ। ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ 'ਤੇ ਜੇ ਪੁਲੀਆਂ ਬੰਦ ਹਨ, ਉਨ੍ਹਾਂ ਦੀ ਤੁਰੰਤ ਸਫ਼ਾਈ ਕਰਵਾ ਕੇ ਚਾਲੂ ਕੀਤਾ ਜਾਵੇ । ਉਨ੍ਹਾਂ ਹੋਰ ਕਿਹਾ ਕਿ ਮੌਨਸੂਨ ਸੀਜ਼ਨ ਦੌਰਾਨ ਹੰਗਾਮੀ ਹਾਲਾਤਾਂ ਨੂੰ ਨਜਿੱਠਣ ਲਈ ਪਿੰਡਾਂ ਸ਼ਹਿਰਾਂ ਵਿੱਚ ਉੱਚੇ ਸਥਾਨਾਂ ਦੀ ਸ਼ਨਾਖ਼ਤ ਵੀ ਕੀਤੇ ਜਾਵੇ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਠਹਿਰਾਉਣ ਦਾ ਵੀ ਉਚਿਤ ਪ੍ਰਬੰਧ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਮਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ), ਪਰਮਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਅਮਿਤ ਬੈਂਬੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸਰਬਜੀਤ ਕੌਰ ਐਸ.ਡੀ.ਐਮ. ਮੋਹਾਲੀ, ਸ੍ਰੀ ਰਵਿੰਦਰ ਸਿੰਘ ਐਸ. ਡੀ .ਐਮ. ਖਰੜ, ਸ੍ਰੀ ਹਿਮਾਂਸ਼ੂ ਗੁਪਤਾ ਐਸ. ਡੀ. ਐਮ. ਡੇਰਾਬੱਸੀ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।