ਪ੍ਰਧਾਨ ਮੰਤਰੀ ਦਫ਼ਤਰ ਦੇ ਸੰਯੁਕਤ ਸਕੱਤਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਕਾਰਜਾਂ ਦੀ ਸਮੀਖਿਆ

  • ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ -
  •  ਜ਼ਿਲ੍ਹੇ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸ਼ਾ

ਮੋਗਾ, 19 ਦਸੰਬਰ - ਕੇਂਦਰੀ ਨੀਤੀ ਆਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਰਿਵਿਊ ਕਰਨ ਲਈ ਪ੍ਰਧਾਨ ਮੰਤਰੀ ਦਫ਼ਤਰ ਦੇ ਸੰਯੁਕਤ ਸਕੱਤਰ ਡਾਕਟਰ ਦੀਪਕ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਗੁਰੂ ਸਾਹਿਬ ਚੈਰੀਟੇਬਲ ਸੋਸਾਇਟੀ ਖੋਸਾ ਕੋਟਲਾ, ਵਾਟਰ ਹਾਰਵੈਸਟਿੰਗ ਸਿਸਟਮ ਖੋਸਾ ਜਲਾਲ, ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਦਾ ਵੀ ਦੌਰਾ ਕੀਤਾ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਤੇ ਸ਼੍ਰੀਮਤੀ ਅਨੀਤਾ ਦਰਸ਼ੀ ਦੋਵੇਂ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸ਼ਾ ਕਰਦਿਆਂ ਡਾਕਟਰ ਦੀਪਕ ਮਿੱਤਲ ਨੇ ਕਿਹਾ ਕਿ ਜਦੋਂ ਦਾ ਇਹ ਪ੍ਰੋਗਰਾਮ ਲਾਗੂ ਹੋਇਆ ਹੈ ਉਦੋਂ ਤੋਂ ਹੀ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਵਧੀਆ ਚੱਲ ਰਹੀ ਹੈ। ਨੀਤੀ ਆਯੋਗ ਵੱਲੋਂ ਜ਼ਿਲ੍ਹਾ ਮੋਗਾ ਨੂੰ ਹੁਣ ਤੱਕ ਕਰੀਬ 14 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਰਾਸ਼ੀ ਨਾਲ ਉਹੀ ਕੰਮ ਕੀਤੇ ਗਏ ਹਨ ਜੋ ਇਸ ਜ਼ਿਲ੍ਹੇ ਮੀ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਬਣਾਉਣ ਲਈ ਸਹਾਈ ਸਿੱਧ ਹੋਣਗੇ। ਉਹਨਾਂ ਨੇ ਕਿਹਾ ਕਿ ਵੱਖ ਵੱਖ ਸਰਕਾਰਾਂ ਵੱਲੋਂ ਲੋਕ ਹਿੱਤ ਸਰਕਾਰੀ ਯੋਜਨਾਵਾਂ ਤਾਂ ਬਣਾਈਆਂ ਅਤੇ ਲਾਗੂ ਕੀਤੀਆਂ ਜਾਂਦੀਆਂ ਹਨ ਪਰ ਇਹਨਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਨਹੀਂ ਪਹੁੰਚ ਪਾਉਂਦਾ। ਸਹੀ ਫੀਡਬੈਕ ਨਾ ਮਿਲਣ ਕਾਰਨ ਨਾ ਹੀ ਸਮੇਂ ਸਮੇਂ ਉੱਤੇ ਇਹਨਾਂ ਵਿੱਚ ਕੋਈ ਸੁਧਾਰ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਜਰੂਰੀ ਹੈ ਕਿ ਅੰਕੜਿਆਂ ਤੋਂ ਉੱਪਰ ਉੱਠ ਕੇ ਕੰਮ ਕੀਤਾ ਜਾਵੇ। ਮੋਗਾ ਨੂੰ ਜਲਦ ਤੋਂ ਜਲਦ 'ਐਸਪੀਰੇਸ਼ਨਲ ' ਤੋਂ 'ਇੰਸਪੀਰੇਸ਼ਨਲ ' ਜ਼ਿਲ੍ਹਾ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਇਹ ਯਤਨ ਇਕ ਟੀਮ ਦੇ ਤੌਰ ਉੱਤੇ ਕੰਮ ਕਰਨ ਨਾਲ ਹੀ ਸਫਲ ਹੋ ਸਕਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਵਿੱਚ ਪਾਣੀ ਦੇ ਲਗਾਤਾਰ ਡਿੱਗਦੇ ਪੱਧਰ ਨੂੰ ਰੋਕਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਜ਼ਿਲ੍ਹਾ ਮੋਗਾ ਵਿੱਚ ਟੀ ਬੀ ਅਤੇ ਕੁਪੋਸ਼ਣ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ, ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ, ਕੁੜੀਆਂ ਨੂੰ ਨਿੱਜੀ ਸਫ਼ਾਈ ਲਈ ਬਾਲਾ ਕਿੱਟ ਮੁਹਈਆ ਕਰਵਾਉਣ, ਜ਼ਿਲ੍ਹੇ ਨੂੰ ਅਮੀਨੀਆ ਮੁਕਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਵਿਸ਼ੇਸ਼ ਤੌਰ ਉੱਤੇ ਪ੍ਰਸ਼ੰਸਾ ਕੀਤੀ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਸਥਾਪਤ ਕੀਤੇ ਜਾ ਰਹੇ ਘੜ੍ਹਾ ਕਲੱਸਟਰ ਅਤੇ ਜੁੱਤੀ ਕਲੱਸਟਰ ਨੂੰ ਵੱਧ ਤੋਂ ਵੱਧ ਪਰਮੋਟ ਕੀਤਾ ਜਾਵੇ ਅਤੇ ਸਵੈ ਸਹਾਇਤਾ ਗਰੁੱਪਾਂ ਦੁਆਰਾ ਤਿਆਰ ਕੀਤੇ ਜਾ ਰਹੇ ਉਤਪਾਦਾਂ ਨੂੰ ਬਾਜ਼ਾਰ ਮੁਹਈਆ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਪੰਜਾਬ ਕੋਲ ਪੂਰੇ ਦੇਸ਼ ਨੂੰ ਰਾਹ ਦਿਖਾਉਣ ਦੀ ਸਮਰੱਥਾ ਹੈ। ਇਸ ਦਿਸ਼ਾ ਵਿਚ ਪੰਜਾਬੀਆਂ ਨੂੰ ਅੱਗੇ ਲੱਗਣਾ ਚਾਹੀਦਾ ਹੈ। ਕੋਈ ਸਮਾਂ ਸੀ ਜਦੋਂ ਪੰਜਾਬੀ ਆਪਣੀ ਨਰੋਈ ਸਿਹਤ ਅਤੇ ਪ੍ਰਾਹੁਣਚਾਰੀ ਲਈ ਪੂਰੇ ਵਿਸ਼ਵ ਵਿੱਚ ਜਾਣੇ ਜਾਂਦੇ ਸਨ। ਅੱਜ ਲੋੜ੍ਹ ਹੈ ਕਿ ਪੰਜਾਬ ਦੀ ਇਹ ਸ਼ਾਨ ਮੁੜ ਬਹਾਲ ਕੀਤੀ ਜਾਵੇ।