ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 724.91 ਕਰੋੜ ਰੁਪਏ : ਪਰਨੀਤ ਸ਼ੇਰਗਿੱਲ

  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 344332 ਮੀਟਰਿਕ ਟਨ ਝੋਨੇ ਦੀ ਆਮਦ
  • ਖਰੀਦ ਏਜੰਸੀਆਂ ਵੱਲੋਂ 340419 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ      
  • ਮੰਡੀਆਂ ਵਿੱਚੋਂ 226169 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ
  • ਡੀ.ਸੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 344332  ਮੀਟਰਿਕ ਟਨ ਝੌਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 340419 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 724.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਖਰੀਦ ਏਜੰਸੀਆਂ ਵੱਲੋਂ 226169 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ। ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲਂਫ 149932 ਮੀਟਰਿਕ ਟਨ, ਮਾਰਕਫੈੱਡ ਵੱਲੋਂ 76624 ਮੀਟਰਿਕ ਟਨ, ਪਨਸਪ ਵੱਲੋਂ 76768 ਮੀਟਰਿਕ ਟਨ ਤੇ ਵੇਅਰ ਹਾਊਸ ਵੱਲੋਂ 35848 ਮੀਟਰਿਕ ਟਨ ਝੌਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਕਈ ਤਰ੍ਹਾਂ ਨਾਲ ਘਾਤਕ ਸਿੱਧ ਹੁੰਦਾ ਹੈ ਅੱਗ ਲਗਾਉਣ ਨਾਲ ਉਠਦੇ ਧੂੰਏ ਕਾਰਨ ਜਿਥੇ ਸੜਕੀ ਹਾਦਸੇ ਵਾਪਰਦੇ ਹਨ ਉਥੇ ਹੀ ਇਸ ਨਾਲ ਮਨੁੱਖੀ ਸਿਹਤ ਨੂੰ ਵੀ ਕਈ ਬਿਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ। ਇਸ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦੇਣਾ ਚਾਹੀਦਾ ਹੈ।