ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫ ਰੈਲੀ 9 ਫਰਵਰੀ ਨੂੰ

ਅਬੋਹਰ 7 ਫਰਵਰੀ : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਸਾਹੀਵਾਲ ਮੈਗਾ ਕਾਫ ਰੈਲੀ ਦਾ ਆਯੋਜਨ ਮਿਤੀ 9 ਫਰਵਰੀ 2024 ਨੂੰ ਦੁਪਹਿਰ 2 ਵਜੇ ਦਾਣਾ ਮੰਡੀ ਸੀਤੋ ਗੁਨੋ ਵਿਖੇ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਸ ਗੁਰਮੀਤ ਸਿੰਘ ਖੁਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੁੱਖ ਮਹਿਮਾਨ ਹੋਣਗੇ ਅਤੇ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਐਮਐਲਏ ਹਲਕਾ ਬੱਲੂਆਣਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਨੇ ਦੱਸਿਆ ਕਿ ਇਸ ਰੈਲੀ ਵਿੱਚ ਪਸ਼ੂ ਪਾਲਣ ਵਿਭਾਗ ਦੁਆਰਾ ਮਨਸੂਈ ਗਰਭਦਾਨ ਨਾਲ ਪੈਦਾ ਕੀਤੇ ਸਾਹੀਵਾਲ ਨਸਲ ਦੇ ਬਛੇ ਬੱਛੀਆਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਉਹਨਾਂ ਦੇ ਮਾਲਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਤੇ ਮਾਹਿਰ ਡਾਕਟਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਤੇ ਵਿਭਾਗਾਂ ਵੱਲੋਂ ਖੇਤੀਬਾੜੀ ਅਤੇ ਪਸ਼ੂ ਪਾਲਣ ਦੀਆਂ ਉੱਤਮ ਤਕਨੀਕਾਂ ਬਾਰੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ । ਪ੍ਰੋਗਰਾਮ ਦੇ ਅਖੀਰ ਤੇ ਹਾਜ਼ਰ ਪਸ਼ੂ ਪਾਲਕਾਂ ਵਿੱਚੋਂ ਲੱਕੀ ਡਰਾਅ ਕੱਢਿਆ ਜਾਵੇਗਾ। ਇਸ ਮੌਕੇ ਤੇ ਡਾ ਗੁਰਚਰਨ ਸਿੰਘ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਫਾਜ਼ਿਲਕਾ, ਡਾ  ਮਨਦੀਪ ਸਿੰਘ ਸੀਨੀਅਰ ਵੈਟਰਨਰੀ ਅਫਸਰ ਅਬੋਹਰ,  ਡਾ ਅਮਿਤ ਨੈਨ ਪ੍ਰੋਜੈਕਟ ਕੋਆਰਡੀਨੇਟਰ ਸਾਹੀਵਾਲ ਪ੍ਰੋਜੈਕਟ, ਡਾ ਮਾਨਵ ਬਿਸ਼ਨੋਈ ਜ਼ਿਲਾ ਕੋਆਰਡੀਨੇਟਰ ਸਾਹੀਵਾਲ ਪ੍ਰੋਜੈਕਟ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨਾਂ ਨੇ ਪਸ਼ੂ ਪਾਲਕ ਕਿਸਾਨਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਹੈ।