ਸੰਗਰੂਰ ਜ਼ਿਲ੍ਹੇ ‘ਚ ਕਿਸਾਨਾਂ ਨੂੰ ਪਰਾਲੀ ਸਾੜੇ ਬਿਨਾਂ ਕਣਕ ਦੀ ਬਿਜਾਈ ਕਰਨ ਲਈ ਸਿਖਲਾਈ ਗਤੀਵਿਧੀਆਂ ਜਾਰੀ 

  • ਦਿੜ੍ਹਬਾ ਵਿਚ ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਲਗਾਏ

ਸੰਗਰੂਰ, 20 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ‘ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਆਰ.ਜੀ.ਆਰ ਸੈੱਲ ਵੱਲੋਂ ਪ੍ਰਾਣਾ ਪ੍ਰੋਜੈਕਟ ਤਹਿਤ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਇਲਾਕੇ ਦੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨੂੰ ਖੇਤਾਂ ‘ਚ ਪਰਾਲ਼ੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਆਰ.ਜੀ.ਆਰ ਸੈੱਲ ਦੇ ਫੀਲਡ ਅਸਿਸਟੈਂਟ ਹਰਭਿੰਦਰ ਸਿੰਘ ਨੇ ਦੱਸਿਆ ਕਿ ਖੇਤਾਂ ਵਿੱਚ ਬਿਨਾਂ ਪਰਾਲੀ ਸਾੜੇ ਤਿੰਨ ਮਸ਼ੀਨਾਂ, ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ, ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਪਿਛਲੇ ਵਰ੍ਹੇ ਤੋਂ ਪ੍ਰਾਣਾ ਪ੍ਰਾਜੈਕਟ ਅਧੀਨ ਕਿਸਾਨਾਂ ਲਈ ਇਹ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 48 ਪਿੰਡਾਂ ਵਿੱਚ 96 ਜਾਗਰੂਕਤਾ ਕੈਂਪਾਂ ਤੋਂ ਇਲਾਵਾ ਸਕੂਲੀ ਬੱਚਿਆਂ ਨੂੰ ਪ੍ਰਦੂਸ਼ਣ ਸੰਬੰਧੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 2200 ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਵੀ ਜਾਗਰੂਕ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਕਰੀਬ 16 ਥਾਂਵਾਂ ‘ਤੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਪਰਾਲ਼ੀ ਨੂੰ ਖੇਤਾਂ ‘ਚ ਅੱਗ ਲਗਾਉਣ ਨਾਲ ਪਰਾਲੀ ਨੂੰ ਅੱਗ ਲਾਉਣ ਨਾਲ ਇਸ ਦੇ ਧੂੰਏ ਤੋਂ ਮਨੁੱਖੀ ਸਿਹਤ, ਜਾਨਵਰਾਂ ਤੇ ਵਾਤਾਵਰਨ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਵਾ, ਸਾਫ ਸੁਥਰੇ ਵਾਤਾਵਰਨ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਕੇ ਜਮੀਨ ਅੰਦਰਲੇ ਖੁਰਾਕੀ ਤੱਤ ਅਤੇ ਮਿੱਤਰ ਕੀੜਿਆਂ ਨੂੰ ਬਚਾ ਸਕਦੇ ਹਨ ਅਤੇ ਇਸ ਤੋਂ ਪੈਦਾ ਹੁੰਦੇ ਧੂੰਏ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਨੂੰ ਖੇਤ ਵਿੱਚ ਮਿਲਾਉਣ ਨਾਲ ਮਿੱਟੀ ਦਾ ਜੈਵਿਕ ਮਾਦਾ ਵਧਦਾ ਹੈ ਅਤੇ ਖਾਦਾਂ ਦੇ ਖਰਚੇ ਘਟਦੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ, ਸੁਖਵੀਰ ਸਿੰਘ, ਹਰਦੀਪ ਸਿੰਘ ਅਤੇ ਮਨੋਜ ਕੁਮਾਰ ਵੀ ਹਾਜ਼ਰ ਸਨ।