ਐਸ.ਏ.ਐਸ.ਨਗਰ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਐਸ.ਏ.ਐਸ.ਨਗਰ, 14 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ 13 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਏ.ਐਸ.ਨਗਰ ਦੇ ਐਸ.ਐਸ.ਪੀ ਦੀਪਕ ਪਾਰੀਕ ਨੇ ਦੱਸਿਆ ਕਿ 3 ਅਗਸਤ ਤੋਂ 11 ਅਗਸਤ 2024 ਤੱਕ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕੁੱਲ 10 ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਇਨ੍ਹਾਂ 13 ਨਸ਼ਾ ਤਸਕਰਾਂ ਕੋਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 32.5 ਕਿਲੋ ਭੁੱਕੀ, 4.8 ਕਿਲੋ ਅਫੀਮ, 1.47 ਕਿਲੋ ਚਰਸ, 260 ਗ੍ਰਾਮ ਗਾਂਜਾ ਅਤੇ 48 ਗ੍ਰਾਮ ਚਿੱਟਾ/ਹੈਰੋਇਨ ਤੋਂ ਇਲਾਵਾ 232 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਵੱਖ-ਵੱਖ ਨਸ਼ਾ ਤਸਕਰਾਂ ਦੀ 1.97 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਇਨ੍ਹਾਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਈ ਤਿਆਰ ਰਹਿਣ।