ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਵਧੀਕ ਡਿਪਟੀ ਕਮਿਸ਼ਨਰ

  • ਓਲਡ ਏਜ ਹੋਮ ਬਸੀ ਪਠਾਣਾ ਵਿਖੇ ਬਜੁਰਗਾਂ ਨੂੰ ਮੈਡੀਕਲ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਕੀਤੀ ਹਦਾਇਤ
  • ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜ਼ੁਰਗਾਂ ਦੀ ਦੇਖ-ਭਾਲ ਲਈ ਬਣਾਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 06 ਸਤੰਬਰ : ਸੀਨੀਅਰ ਸਿਟੀਜ਼ਨ ਸਾਡੇ ਸਮਾਜ ਦਾ ਅਨਮੋਲ ਖਜ਼ਾਨਾ ਹਨ, ਇਨ੍ਹਾਂ ਦੀ ਸੰਭਾਲ ਕਰਨਾ ਸਾਡਾ ਫਰਜ ਹੈ। ਇਸ ਲਈ ਸੀਨੀਅਰ ਸਿਟੀਜਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਇਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜੁਰਗ ਨਾਗਰਿਕਾਂ ਦੀ ਦੇਖ-ਭਾਲ ਅਤੇ ਭਲਾਈ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਪੈਨਸ਼ਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਸਾਡੇ ਬਜ਼ੁਰਗ ਆਪਣਾ ਜੀਵਨ ਨਿਰਵਾਹ ਚੰਗੇ ਤਰੀਕੇ ਨਾਲ ਕਰ ਸਕਣ। ਮੀਟਿੰਗ ਵਿੱਚ ਬਸੀ ਪਠਾਣਾ ਓਲਡ ਏਜ ਹੋਮ ਦੇ ਪ੍ਰਬੰਧਕਾਂ ਨੇ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਬਜ਼ੁਰਗਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਾਕਟਰਾਂ ਦੀਆਂ ਡਿਊਟੀਆਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ ਕਿਉਂਕਿ ਓਲਡ ਏਜ ਹੋਮ ਵਿੱਚ ਰਹਿੰਦੇ ਬਜ਼ੁਰਗ ਵੱਡੀ ਉਮਰ ਦੇ ਹੋਣ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜ੍ਹਤ ਹੋ ਸਕਦੇ ਹਨ। ਜਿਸ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਸੀ ਪਠਾਣਾ ਦੇ ਓਲਡ ਏਜ ਹੋਮ ਵਿੱਚ ਲੋੜ ਅਨੁਸਾਰ ਡਾਕਟਰਾਂ ਦੀਆਂ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਬਜ਼ੁਰਗਾਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਬਜ਼ੁਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਤਾਂ ਜੋ ਉਮਰ ਦੇ ਇਸ ਦੌਰ ਵਿੱਚ ਪਹੁੰਚੇ ਬਜ਼ੁਰਗ ਬਿਹਤਰ ਜਿੰਦਗੀ ਬਤੀਤ ਕਰ ਸਕਣ। ਸੀਨੀਅਰ ਸੀਟੀਜਨ ਐਸੋਸੀਏਸ਼ਨ  ਹੋਮ ਸਰਹਿੰਦ ਦੀ ਬਿਲਡਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਅਫਸਰ ਸਰਹਿੰਦ ਨੇ ਦੱਸਿਆ ਕਿ ਇਸ ਸਬੰਧੀ ਛੇਤੀ ਹੀ ਟੈਂਡਰ ਫਲੋਟ ਹੋ ਜਾਵੇਗਾ ਤੇ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।  ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਡੀ.ਐਸ.ਪੀ.ਸ੍ਰੀ ਕੁਲਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ, ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।