22 ਸਤੰਬਰ ਨੂੰ ਰਾਜ ਪੱਧਰੀ ਕਵੀ ਦਰਬਾਰ ਵਿੱਚ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਹੋਣਗੇ ਮੁੱਖ ਮਹਿਮਾਨ

  • ਡਿਪਟੀ ਕਮਿਸ਼ਨਰ ਫਰੀਦਕੋਟ ਨੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੇ ਪ੍ਰੋਗਰਾਮਾਂ ਦਾ ਕੈਲੰਡਰ ਕੀਤਾ ਜਾਰੀ

ਫਰੀਦਕੋਟ, 7 ਸਤੰਬਰ : ਬਾਬਾ ਸ਼ੇਖ਼ ਫ਼ਰੀਦ ਜੀ ਦੀ 850ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੇ ਪ੍ਰੋਗਰਾਮਾਂ ਦਾ ਕੈਲੰਡਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਮਲ ਓਸਪਚਨ ਸਮੇਤ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਗੁਰਦੀਪ ਸਿੰਘ ਮਾਨ, ਖੋਜ ਅਫ਼ਸਰ ਸ. ਕੰਵਰਜੀਤ ਸਿੰਘ ਸਿੱਧੂ, ਪ੍ਰੋ. ਰਾਜੇਸ਼ ਕੁਮਾਰ, ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਸ. ਅਮਨਪ੍ਰੀਤ ਸਿੰਘ ਪ੍ਰਧਾਨ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਅਤੇ ਸ. ਰਾਜਪਾਲ ਸਿੰਘ ਸੰਧੂ ਹਾਜ਼ਰ ਹੋਏ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ ਨੇ ਪ੍ਰੋਗਰਾਮ ਬਾਰੇ ਦੱਸਦਿਆਂ ਕਿਹਾ ਕਿ ਇਹ ਪੰਜ ਰੋਜ਼ਾ ਸਾਹਿਤ ਮੇਲਾ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਵਿਖੇ ਭਾਸ਼ਾ ਵਿਭਾਗ ਪੰਜਾਬ, ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਅਤੇ ਸਾਹਿਤ ਵਿਚਾਰ ਮੰਚ ਸਰਕਾਰੀ ਬ੍ਰਿਜਿੰਦਰਾ ਕਾਲਜ ਵੱਲੋਂ 19 ਤੋਂ 23 ਸਤੰਬਰ ਤੱਕ ਕਰਵਾਇਆ ਜਾਵੇਗਾ। ਇਸ ਸਾਹਿਤ ਮੇਲੇ ਦਾ ਉਦਘਾਟਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਜਾਵੇਗਾ। ਇਸ ਵਿੱਚ ਪੰਜਾਬੀ ਸਾਹਿਤ ਦੇ ਉੱਘੇ ਪ੍ਰਕਾਸ਼ਕਾਂ ਦੀਆਂ ਪੁਸਤਕ ਪ੍ਰਦਰਸ਼ਨੀਆਂ ਲਗਾਉਣ ਦੇ ਨਾਲ-ਨਾਲ ਪੰਜਾਬੀ ਸਾਹਿਤ ਦੀਆਂ ਪ੍ਰਸਿੱਧ ਹਸਤੀਆਂ ਸੁਖਜੀਤ, ਗੁਰਮੀਤ ਕੜਿਆਲਵੀ, ਡਾ. ਨਿਰਮਲ ਜੌੜਾ, ਅਮੀਆ ਕੁੰਵਰ, ਡਾ. ਬਲਜਿੰਦਰ ਨਸਰਾਲੀ, ਅਜੇਪਾਲ ਸਿੰਘ ਬਰਾੜ, ਹਮੀਰ ਸਿੰਘ ਸਮੇਤ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਆਦਿ ਨਾਲ ਰੂਬਰੂ ਸਮਾਗਮ ਹੋਣਗੇ।  ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਦੇ ਪ੍ਰਧਾਨ ਸ. ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਦੌਰਾਨ 21 ਸਤੰਬਰ ਨੂੰ ਪੰਜਾਬੀ ਮਾਂ ਬੋਲੀ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਸ. ਸੁਖਵਿੰਦਰ ਸਿੰਘ ਰਟੌਲ ਨੂੰ ਬਾਬਾ ਫ਼ਰੀਦ ਮਾਂ ਬੋਲੀ ਸਨਮਾਨ ਦਿੱਤਾ ਜਾਵੇਗਾ ਜਿਸ ਵਿੱਚ 11000 ਰੁਪਏ ਨਕਦ ਅਤੇ ਸਨਮਾਨ ਚਿੰਨ੍ਹ ਸ਼ਾਮਿਲ ਹੈ। ਇਸ ਤੋਂ ਇਲਾਵਾ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸੈਨੇਟ ਹਾਲ ਵਿਖੇ 22 ਸਤੰਬਰ ਨੂੰ ਸ਼ਾਮ 3.30 ਵਜੇ ਰਾਜ ਪੱਧਰੀ ਕਵੀ ਦਰਬਾਰ ਦਾ ਵੀ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸ. ਹਰਜੋਤ ਸਿੰਘ ਬੈਂਸ ,ਕੈਬਨਿਟ ਮੰਤਰੀ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ।  ਇਸ ਤੋਂ ਇਲਾਵਾ ਡਾ. ਰਾਜੀਵ ਸੂਦ, ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ. ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ ਅਤੇ ਸ. ਅਮੋਲਕ ਸਿੰਘ ਵਿਧਾਇਕ ਜੈਤੋ, ਡਾ. ਵੀਰਪਾਲ ਕੌਰ, ਵਧੀਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਅਤੇ ਇਹਨਾਂ ਪ੍ਰੋਗਰਾਮਾਂ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਨਗੇ।