ਸ਼ਹੀਦ ਪਰਵਿੰਦਰ ਸਿੰਘ ਦਾ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਤੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਵਿਦਾਇਗੀ

ਸੰਗਰੂਰ, 5 ਅਕਤੂਬਰ " ਕਾਰਗਿਲ ‘ਚ ਸਿਖਲਾਈ ਦੌਰਾਨ ਵਾਪਰੇ ਹਾਦਸੇ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਸ. ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਸ਼ਹੀਦ ਪਰਵਿੰਦਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਅੰਤਮ ਵਿਦਾਇਗੀ ਦਿੱਤੀ। ਸ਼ਹੀਦ ਨੂੰ ਫ਼ੌਜੀ ਜਵਾਨਾਂ ਦੀ ਇੱਕ ਟੁਕੜੀ ਵੱਲੋਂ ਹਥਿਆਰ ਝੁਕਾ ਕੇ ਸਲਾਮੀ ਦਿੱਤੀ ਗਈ ਜਿਸ ਤੋਂ ਬਾਅਦ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਪੰਜਾਬ ਸਰਕਾਰ ਦੀ ਤਰਫੋਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਪੰਜਾਬ ਪੁਲਿਸ ਵੱਲੋਂ ਐਸ.ਪੀ. ਰਾਕੇਸ਼ ਕੁਮਾਰ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਤਰਫੋਂ ਉਨ੍ਹਾਂ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਵੱਲੋਂ ਸ਼ਹੀਦ ਦੀ ਮ੍ਰਿਤਕ ਦੇਹ ‘ਤੇ ਰੀਥ ਰੱਖਣ ਦੀ ਰਸਮ ਅਦਾ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਦੇ ਜਾਣ ਨਾਲ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੀ ਹਰ ਸੰਭਵ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ ਮਾਲੀ ਸਹਾਇਤਾ ਮਨਜ਼ੂਰ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਇਸਦਾ ਚੈੱਕ ਪਰਿਵਾਰ ਨੂੰ ਸੌਂਪਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਹੀਦ ਪਰਵਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਤੇ ਭਰਾ ਛੱਡ ਗਏ ਹਨ। ਇੱਥੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ , ਐਸ.ਡੀ.ਐਮ. ਰਾਜੇਸ਼ ਸ਼ਰਮਾ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ, ਪੰਜਾਬ 31 ਤੋਂ ਸੂਬੇਦਾਰ ਬੂਟਾ ਸਿੰਘ ਤੇ ਹੋਰ ਜਵਾਨ ਅਤੇ ਸਾਬਕਾ ਫ਼ੌਜੀ ਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।