ਆਯੁਸ਼ਮਾਨ ਭਾਵ ਮੁਹਿੰਮ ਤਹਿਤ ਐਸ.ਐਮ.ਓ ਨੇ ਕੀਤਾ ਸਿਹਤ ਮੇਲੇ ਦਾ ਨਿਰੀਖਣ

  • ਮੇਲੇ ਵਿੱਚ ਹਰ ਵਿਅਕਤੀ ਨੂੰ ਸਿਹਤ ਸਹੂਲਤਾਂ ਦਾ ਲਾਭ ਜ਼ਰੂਰ ਲੈਣਾ ਚਾਹੀਦਾ ਹੈ: ਡਾ: ਗਾਂਧੀ

ਫਾਜ਼ਿਲਕਾ, 21 ਸਤੰਬਰ : ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਮੈਡੀਕਲ ਅਧਿਕਾਰੀ ਡਾ: ਵਿਕਾਸ ਗਾਂਧੀ ਨੇ ਸੀਐਚਸੀ ਖੂਈਖੇੜਾ ਵਿੱਚ ਚੱਲ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਹਾਜ਼ਰ ਸਟਾਫ਼ ਨੂੰ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਖੂਈਖੇੜਾ ਅਧੀਨ ਪੈਂਦੇ ਹੈਲਥ ਐਂਡ ਵੈਲਨੈੱਸ ਸੈਂਟਰ ਬਕੈਣ ਵਾਲਾ ਵਿਖੇ ਚੱਲ ਰਹੇ ਸਿਹਤ ਮੇਲੇ ਦਾ ਜਾਇਜ਼ਾ ਲਿਆ ਅਤੇ ਹਾਜ਼ਰ ਕਰਮਚਾਰੀਆਂ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਸਿਹਤ ਮੇਲੇ ਵਿੱਚ ਆਉਣ ਵਾਲੇ ਲਾਭਪਾਤਰੀਆਂ ਨੂੰ ਸਿਹਤ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਿਹਤ ਸਹੂਲਤਾਂ ਬਾਰੇ ਸਮੇਂ-ਸਮੇਂ 'ਤੇ ਜਾਣੂ ਕਰਵਾਉਣ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਬੀ.ਪੀ., ਸ਼ੂਗਰ, ਟੀ.ਬੀ., ਹਾਈ ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ | ਜਿੰਨੇ ਵੀ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ, ਉੱਥੇ ਹੀ ਆਸ਼ਾ ਵਰਕਰਾਂ ਰਾਹੀਂ ਪਿੰਡਾਂ ਵਿੱਚ ਵੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਕੈਂਪਾਂ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਮਰਦ ਅਤੇ ਔਰਤਾਂ ਨੂੰ ਆਪਣੀ ਸਿਹਤ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਰਿਕਾਰਡ ਪਹਿਲਾਂ ਤੋਂ ਤਿਆਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਸਮੇਂ-ਸਮੇਂ 'ਤੇ ਫਾਲੋ-ਅੱਪ ਕੀਤਾ ਜਾਣਾ ਚਾਹੀਦਾ ਹੈ। ਤਾਂ ਜੋ ਜਦੋਂ ਔਰਤ ਦੀ ਡਲਿਵਰੀ ਹੋਣ ਵਾਲੀ ਹੋਵੇ ਤਾਂ ਸਬੰਧਤ ਡਾਕਟਰ ਕੋਲ ਉਸ ਦੀ ਪੂਰੀ ਹਿਸਟਰੀ ਹੋਵੇ, ਜਿਸ ਨਾਲ ਉਸ ਨੂੰ ਡਿਲੀਵਰੀ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਆਯੂਸ਼ਮਾਨ ਭਾਵ ਅਭਿਆਨ 17 ਸਤੰਬਰ 2023 ਤੋਂ 02 ਅਕਤੂਬਰ 2023 ਤੱਕ ਚਲਾਇਆ ਜਾਣਾ ਹੈ। ਜਿਸ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਖਾਵੇਂ ਮਾਹੌਲ ਵਿੱਚ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਤੰਦਰੁਸਤੀ ਕੇਂਦਰ ਅਤੇ ਸੀ.ਐੱਚ.ਸੀ. ਕੇਂਦਰਾਂ 'ਤੇ ਹਫ਼ਤਾਵਾਰੀ ਸਿਹਤ ਮੇਲਿਆਂ ਦਾ ਆਯੋਜਨ ਸ਼ੁਰੂ ਹੋ ਗਿਆ ਹੈ।