ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 129494 ਮੀਟਰਿਕ ਟਨ ਝੋਨੇ ਦੀ ਆਮਦ : ਪਰਨੀਤ ਸ਼ੇਰਗਿੱਲ

  • ਖਰੀਦ ਏਜੰਸੀਆਂ ਵੱਲੋਂ 123517 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
  • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 267.11 ਕਰੋੜ ਰੁਪਏ
  • ਮੰਡੀਆਂ ਵਿੱਚੋਂ 31318 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ
  • ਡੀ.ਸੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 129494 ਮੀਟਰਿਕ ਟਨ ਝੌਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 123517 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 267.11 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਖਰੀਦ ਏਜੰਸੀਆਂ ਵੱਲੋਂ 31318 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ। ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 52472 ਮੀਟਰਿਕ ਟਨ, ਮਾਰਕਫੈੱਡ ਵੱਲੋਂ 30066 ਮੀਟਰਿਕ ਟਨ, ਪਨਸਪ ਵੱਲੋਂ 26761 ਮੀਟਰਿਕ ਟਨ ਤੇ ਵੇਅਰ ਹਾਊਸ ਵੱਲੋਂ 14218 ਮੀਟਰਿਕ ਟਨ ਝੌਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਕਈ ਤਰ੍ਹਾਂ ਨਾਲ ਘਾਤਕ ਸਿੱਧ ਹੁੰਦਾ ਹੈ ਅੱਗ ਲਗਾਉਣ ਨਾਲ ਉਠਦੇ ਧੂੰਏ ਕਾਰਨ ਜਿਥੇ ਸੜਕੀ ਹਾਦਸੇ ਵਾਪਰਦੇ ਹਨ ਉਥੇ ਹੀ ਇਸ ਨਾਲ ਮਨੁੱਖੀ ਸਿਹਤ ਨੂੰ ਵੀ ਕਈ ਬਿਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ। ਇਸ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦੇਣਾ ਚਾਹੀਦਾ ਹੈ।