ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ  8 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

  • ਹੁਣ ਸਰਕਾਰੀ ਨੌਕਰੀ ਲਈ ਰਿਸ਼ਵਤ ਜਾਂ ਸਿਫਾਰਸ਼ ਦੀ ਨਹੀਂ ਪਈ ਜਰੂਰਤ : ਸੰਧਵਾਂ

ਫ਼ਰੀਦਕੋਟ, 29 ਸਤੰਬਰ : ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਅਸਾਮੀਆ ਕੱਢ ਰਹੀ ਹੈ ਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਉਪਰੰਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ  ਅੱਜ ਪਿੰਡ ਸੰਧਵਾਂ ਵਿਖੇ 5 ਹੈਲਪਰਾਂ ਅਤੇ 3 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਸਪੀਕਰ ਸੰਧਵਾਂ ਨੇ  ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਨਾਲ ਭੇਦਭਾਵ ਨਾ ਕਰਦਿਆਂ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਦੇ ਆਧਾਰ ਤੇ ਹੀ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ ਕੋਈ ਰਿਸ਼ਵਤ ਜਾਂ ਸਿਫਾਰਸ਼ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਵਰਕਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਆ ਤੇ ਕਿਹਾ ਕਿ ਲੋਕਾਂ ਨੂੰ ਵਿਭਾਗ ਦੀਆਂ ਸਕੀਮਾਂ ਤੇ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜ਼ੋ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਹਾ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਦਲਾਅ ਲਿਆ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ। ਇਸ ਮੌਕੇ ਸੀ.ਡੀ.ਪੀ.ਓ ਸ੍ਰੀ ਕਰਨ ਬਰਾੜ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨਵਨਿਯੁਕਤ ਹੈਲਪਰ/ਵਰਕਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਫਰੀਦਕੋਟ ਦੇ 52 ਹੈਲਪਰ/ਵਰਕਰਾਂ ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਨਿਯੁਕਤੀ ਪੱਤਰ ਦਿੱਤੇ ਗਏ ਸਨ। ਇਸੇ ਲੜੀ ਤਹਿਤ ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਵਲੋਂ ਵੀ 10 ਹੈਲਪਰ/ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ ਅਤੇ ਅੱਜ 8 ਹੈਲਪਰ/ਵਰਕਰਾਂ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਦੌਰਾਨ ਨੌਕਰੀ ਲਈ ਨਿਯੁਕਤੀ ਪੱਤਰ ਮਿਲਣ ਤੇ ਨਵਨਿਯੁਕਤ ਹੈਲਪਰ/ਵਰਕਰ ਰਮਨਦੀਪ ਕੌਰ, ਵੀਰਪਾਲ ਕੌਰ ਅਤੇ ਬਲਜੀਤ ਕੌਰ ਨੇ  ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਮੈਰਿਟ ਦੇ ਅਧਾਰ ਤੇ ਨੌਕਰੀ ਮਿਲੀ ਹੈ| ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ|