ਸਪੀਕਰ ਸੰਧਵਾਂ ਨੇ ਆੜਤੀਆ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਫ਼ਰੀਦਕੋਟ 04 ਫ਼ਰਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆੜਤੀਆਂ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਆੜਤੀਆ, ਮੁਨੀਮ ਅਤੇ ਮਜ਼ਦੂਰ ਐਸੋਸੀਏਸ਼ਨ ਵੱਲੋਂ ਮੰਡੀ ਵਿੱਚ ਪਾਣੀ ਦੀ ਨਿਕਾਸੀ, ਸੜਕ ਦੀ ਸਮੱਸਿਆ, ਝੁੱਗੀਆਂ ਝੌਂਪੜੀਆਂ ਦੀ ਸਮੱਸਿਆ, ਮੁਨੀਮ ਯੂਨੀਅਨ ਲਈ ਦਫ਼ਤਰ ਲਈ ਜਗ੍ਹਾ, ਮੁਹੱਲਾ ਕਲੀਨਿਕ ਆਦਿ ਮੰਗਾਂ ਬਾਰੇ ਜਾਣੂ ਕਰਵਾਇਆ, ਸਪੀਕਰ ਸੰਧਵਾਂ ਨੇ ਉਕਤ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਸਪੀਕਰ ਸੰਧਵਾਂ ਨੇ ਆੜਤੀਆ ਐਸੋਸੀਏਸ਼ਨ ਅਤੇ ਸ਼ੈਲਰ ਮਾਲਕਾਂ  ਨੂੰ ਭਰੋਸਾ ਦਿਵਾਇਆ ਕਿ ਮੰਗਾਂ ਨੂੰ ਲਾਗੂ ਕਰਨ ਲਈ ਪੂਰੀ ਗੰਭੀਰਤਾ ਨਾਲ ਗੌਰ ਕੀਤਾ ਜਾਵੇਗਾ ਕਿਉਂ ਜੋ ਇਹ ਵਰਗ ਸੂਬੇ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ  ਮਜ਼ਦੂਰ ਵਰਗ ਦੀ ਭਲਾਈ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇਕ ਹੈ ਅਤੇ ਇਸ ਵਰਗ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਇਹ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ ਇਸ ਲਈ ਮਜ਼ਦੂਰਾਂ ਦੇ ਕੰਮ ਕਰਨ ਦੇ ਹਾਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਭਰਪੂਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਮੀਤ ਸਿੰਘ, ਮਨਪ੍ਰੀਤ ਸਿੰਘ ਮਣੀ ਧਾਲੀਵਾਲ,ਸ.ਸੁਖਵਿੰਦਰ ਸਿੰਘ ਧਾਲੀਵਾਲ ਪ੍ਰਧਾਨ ਰਾਈਸ ਮਿਲਰ ਐਸੋਸੀਏਸ਼ਨ, ਸ਼੍ਰੀ ਅਸ਼ੋਕ ਗੋਇਲ ਪ੍ਰਧਾਨ ਆੜਤੀਆ ਐਸੋਸੀਏਸ਼ਨ,ਚੇਅਰਮੈਨ ਪਲਾਨਿੰਗ ਸੁਖਜੀਤ ਸਿੰਘ ਢਿਲਵਾਂ, ਅਮਨਦੀਪ ਸਿੰਘ ਸੰਧੂ, ਸਿਮਰਨਜੀਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜ੍ਹਤੀ, ਮੁਨੀਮ ਅਤੇ ਮਜ਼ਦੂਰ ਆਗੂ ਹਾਜ਼ਰ ਸਨ।