ਸਪੀਕਰ ਸੰਧਵਾ ਤੇ ਡੀ.ਸੀ. ਵਿਨੀਤ ਕੁਮਾਰ ਨੇ ਵਾਤਾਵਰਨ ਦਿਵਸ ਨੂੰ ਸਮਰਪਿਤ ਬੂਟਾ ਲਾਇਆ

  • ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ 

ਫ਼ਰੀਦਕੋਟ, 5 ਜੂਨ : ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਾਂਝੇ ਤੌਰ 'ਤੇ ਬੂਟਾ ਲਾਇਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਵਾ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹੁਣ ਤੋਂ ਹੀ ਗੰਭੀਰ ਉਪਰਾਲੇ ਕਰਨੇ ਜ਼ਰੂਰੀ ਹਨ ਨਹੀਂ ਤਾਂ ਆਉਣ ਵਾਲੀਆਂ ਨਸਲਾਂ ਸਾਨੂੰ ਕਦੇ ਮੁਆਫ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਜ਼ਰੂਰੀ ਹੈ। ਰੁੱਖ ਮਨੁੱਖਾਂ ਤੇ ਜੀਵ ਜੰਤੂਆਂ ਦੀ ਜ਼ਿੰਦਗੀ ਹਨ ਤੇ ਇਨ੍ਹਾਂ ਤੋਂ ਬਿਨਾਂ ਧਰਤੀ ਤੇ ਜੀਵਨ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਵਾਤਾਵਰਨ ਅਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਤਾਵਰਨ ਦੇ ਸੁਧਾਰ ਅਤੇ ਵਧੀਆ ਆਬੋ-ਹਵਾ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਹਰਿਆ-ਭਰਿਆ ਲਈ ਸਾਨੂੰ ਸਾਰਿਆਂ ਨੂੰ ਆਪਣੇ ਪਿੰਡ/ਸ਼ਹਿਰ ਅਤੇ ਘਰ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ।