ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ 22 ਅਤੇ 23 ਜਨਵਰੀ ਨੂੰ ਲੱਗੇਗਾ ਸਪੈਸ਼ਲ ਕੈਂਪ

ਫਾਜ਼ਿਲਕਾ 19 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜ਼ਿਲ੍ਹੇ ਵਿਚ 22 ਅਤੇ 23 ਜਨਵਰੀ 2024 ਨੂੰ ਸਪੈਸ਼ਲ ਕੈਂਪ ਲੱਗੇਗਾ। ਇਨਾ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।