ਕੇਂਦਰ ਸਰਕਾਰ ਵੱਲੋਂ ਕਣਕ ਦੇ  ਸਮਰਥਨ ਮੁੱਲ 'ਤੇ ਮਿਆਰੀ ਕਟੌਤੀ ਕਰਨਾ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਬੂਤ : ਡਾ. ਅਮਰ ਸਿੰਘ

ਸ੍ਰੀ ਫਤਹਿਗੜ੍ਹ ਸਾਹਿਬ,  28 ਅਪ੍ਰੈਲ : ਡਾ. ਅਮਰ ਸਿੰਘ ਐਮ.ਪੀ ਸ੍ਰੀ ਫਤਹਿਗੜ੍ਹ ਸਾਹਿਬ ਨੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨਾਲ ਅੱਜ ਸਰਹਿੰਦ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਮਸਲੇ ਸੁਣਨ ਉਪਰੰਤ ਮਾਰਕੀਟ ਕਮੇਟੀ ਦਫ਼ਤਰ ਸਰਹਿੰਦ ਮੰਡੀ ਵਿਖੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਾ: ਅਮਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਸਿੰਘ ਨੇ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਸੁਚਾਰੂ ਢੰਗ ਨਾਲ ਖਰੀਦ ਕਰਨਾ ਸੂਬਾ ਅਤੇ ਕੇਂਦਰ ਸਰਕਾਰਾਂ ਦਾ ਜ਼ਰੂਰੀ ਫਰਜ਼ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਿਸਾਨਾਂ 'ਤੇ ਮਿਆਰੀ ਕਟੌਤੀ ਲਗਾਉਣਾ ਬੇਰਹਿਮੀ ਹੈ। ਉਨ੍ਹਾਂ ਕਿਹਾ ਕਿ ਇਹ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਜੇਕਰ ਸਰਕਾਰ ਕਿਸਾਨਾਂ ਦੀ ਮਦਦ ਕਰਨਾ ਚਾਹੁੰਦੀ ਸੀ ਤਾਂ ਉਸ ਨੂੰ ਬੋਨਸ ਦਾ ਐਲਾਨ ਕਰਨਾ ਚਾਹੀਦਾ ਸੀ ਅਤੇ ਕਣਕ 'ਤੇ  ਸਮਰਥਨ ਮੁੱਲ ਵਧਾਉਣਾ ਚਾਹੀਦਾ ਸੀ।