ਪਰਾਲੀ ਪ੍ਰਬੰਧਨ: ਘਰ ਘਰ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਜਾਰੀ: ਡਿਪਟੀ ਕਮਿਸ਼ਨਰ

ਬਰਨਾਲਾ, 28 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਰਾਹੀਂ ਹੈ। ਇਸ ਮੁਹਿੰਮ ਤਹਿਤ ਵੱਖ ਵੱਖ ਅਧਿਕਾਰੀਆਂ ਦੀ ਨਿਗਰਾਨੀ ਵਿਚ ਹਰ ਪਿੰਡ ਵਿੱਚ ਤਾਇਨਾਤ ਟੀਮਾਂ ਵਲੋਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਮੁਹਿੰਮ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਰੀ ਦੀਆਂ ਸੂਚੀਆਂ ਸਾਂਝੀਆਂ ਥਾਵਾਂ 'ਤੇ ਚਸਪਾਂ ਕੀਤੀਆਂ ਜਾ ਰਹੀਆਂ ਹਨ, ਓਥੇ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੰਬਾਈਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕੰਬਾਈਨ ਬਿਨਾਂ ਹਾਰਵੈਸਟਰ ਤੋਂ ਬਿਨ੍ਹਾਂ ਨਾ ਚੱਲੇ। ਉਨ੍ਹਾਂ ਕਿਹਾ ਕਿ ਟੀਮਾਂ ਵਲੋਂ ਘਰ ਘਰ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਟੀਮਾਂ ਵਲੋਂ ਹੰਡਿਆਇਆ, ਗੰਗਹੋਰ, ਠੀਕਰੀਵਾਲ, ਰਾਜਗੜ੍ਹ, ਚੱਕ ਰੋਹੀ, ਛੀਨੀਵਾਲ ਕਲਾਂ, ਪਿੰਡ ਸਹਿਜੜਾ, ਸਹੌਰ, ਧੌਲਾ, ਵਜੀਦਕੇ ਕਲਾਂ, ਠੁੱਲੀਵਾਲ, ਸੰਘੇੜਾ, ਵਜੀਦਕੇ ਕਲਾਂ, ਤਪਾ, ਭੂਰੇ, ਧੂਰਕੋਟ, ਮਾਂਗੇਵਾਲ, ਕਿਰਪਾਲ ਸਿੰਘ ਵਾਲਾ, ਚੁਹਾਨਕੇ  ਖੁਰਦ, ਚੰਨਣਵਾਲ, ਛਾਪਾ, ਢਿੱਲਵਾਂ ਪੱਤੀ ਧਨੌਲਾ, ਕਾਲੇਕੇ, ਮਹਿਲ ਖੁਰਦ ਸਮੇਤ ਦਰਜਨਾਂ ਪਿੰਡਾਂ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਖੇਤੀ ਲਈ ਚੰਗੇ ਖੁਰਾਕੀ ਤੱਤ ਸੜ ਜਾਂਦੇ ਹਨ ਅਤੇ ਕੁਦਰਤੀ ਸੋਮਿਆਂ ਦਾ ਨੁਕਸਾਨ ਹੁੰਦਾ ਹੈ। ਇੱਕ ਅਨੁਮਾਨ ਮੁਤਾਬਿਕ ਧਰਤੀ ਵਿੱਚੋਂ ਝੋਨੇ ਦੁਆਰਾ ਲਈ ਗਈ 25 ਪ੍ਰਤੀਸ਼ਤ ਨਾਈਟ੍ਰੋਜਨ ਅਤੇ ਫਾਸਫੋਰਸ, 50 ਪ੍ਰਤੀਸ਼ਤ ਗੰਧਕ ਅਤੇ 75 ਪ੍ਰਤੀਸ਼ਤ ਪੋਟਾਸ਼ ਪਰਾਲੀ ਵਿੱਚ ਹੀ ਰਹਿ ਜਾਂਦੀ ਹੈ। ਦੇਖਿਆ ਗਿਆ ਹੈ ਕਿ 10 ਕੁਇੰਟਲ ਪਰਾਲੀ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ ਤੋਂ ਇਲਾਵਾ 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ੀਅਮ ਅਤੇ 1.2 ਕਿਲੋ ਗੰਧਕ ਦਾ ਨੁਕਸਾਨ ਹੁੰਦਾ ਹੈ। ਅਜਿਹੇ ਤੱਤ ਨਸ਼ਟ ਹੋਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੱਡੀ ਢਾਹ ਲੱਗਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਈਆਂ ਗੈਸਾਂ ਵਿੱਚ 70% ਕਾਰਬਨ ਡਾਈਆਕਸਾਈਡ, 7% ਕਾਰਬਨ ਮੋਨੋਆਕਸਾਈਡ, 0.66% ਮੀਥੇਨ ਅਤੇ 2.09% ਨਾਇਟ੍ਰਿਕ ਆਕਸਾਈਡ ਵਰਗੀਆਂ ਗੈਸਾਂ ਅਤੇ ਆਰਗੈਨਿਕ ਕੰਪਾਊਂਡਸ ਆਦਿ ਹਨ, ਇਹ ਗੈਸਾਂ ਵਾਤਾਵਰਣ ਦੇ ਬਦਲਾਅ ਦਾ ਕਰਨ ਬਣਦੀਆਂ ਹਨ। ਪਰਾਲੀ ਨੂੰ ਸਾੜਨ ਨਾਲ ਧੂੰਏ ਦਾ ਗੁਬਾਰ ਜਿੱਥੇ ਵਾਤਾਵਰਣ ਨੂੰ ਪਲੀਤ ਕਰਦਾ ਹੈ, ਉੱਥੇ ਵਸੋਂ ਅਤੇ ਪਸ਼ੂਆਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜੋ ਗਰਮੀ ਪੈਦਾ ਹੁੰਦੀ ਹੈ, ਉਸ ਨਾਲ ਮਿੱਟੀ ਵਿਚਲੇ ਲਾਭਦਾਇਕ ਸੂਖਮ ਜੀਵ ਜਿੱਥੇ ਨਸ਼ਟ ਹੋ ਜਾਂਦੇ ਹਨ ਉਥੇ ਹੀ ਭੂਮੀ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ। ਸੜਕਾਂ ਅਤੇ ਖੇਤਾਂ ਦੁਆਲੇ ਲੱਗੇ ਰੁੱਖਾਂ ਦਾ ਨੁਕਸਾਨ ਹੁੰਦਾ ਹੈ ਅਤੇ ਸੜਕ ਹਾਦਸੇ ਵੀ ਵਾਪਰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਮੁਹਿੰਮ ਵਿੱਚ ਸਹਿਯੋਗ ਦੀ ਅਪੀਲ ਕੀਤੀ।