ਪਰਾਲੀ ਪ੍ਰਬੰਧਨ: ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਤਾਇਨਾਤ ਨੋਡਲ ਅਫ਼ਸਰ ਪਿੰਡ-ਪਿੰਡ ਦੌਰਾ ਕਰਨ, ਡਿਪਟੀ ਕਮਿਸ਼ਨਰ

  • ਜਾਗਰੂਕਤਾ ਵੈਨਾਂ ਰਾਹੀਂ ਕੀਤਾ ਜਾ ਰਿਹਾ ਹੈ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਚਾਰ 
  • ਸਕੂਲੀ ਬੱਚਿਆਂ ਦੀ ਸ਼ਮੂਲੀਅਤ ਰਾਹੀਂ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਪਰਾਲੀ ਪ੍ਰਬੰਧਨ ਦਾ ਸੁਨੇਹਾ 

ਬਰਨਾਲਾ, 4 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਬਰਨਾਲਾ 'ਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਵਿਸ਼ੇ ਸਬੰਧੀ ਕਿਸਾਨਾਂ ਨਾਲ ਪਿੰਡ - ਪਿੰਡ ਜਾ ਕੇ ਬੈਠਕਾਂ ਕਰਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਹਰ ਇਕ ਨੋਡਲ ਅਫ਼ਸਰ ਆਪਣੇ - ਆਪਣੇ ਪਿੰਡ 'ਚ ਜਾ ਕੇ ਬੈਠਕ ਕਰੇ ਅਤੇ ਇਸ ਸਬੰਧੀ ਰਿਪੋਰਟ ਬਣਾ ਕੇ ਤਿਆਰ ਕਰੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡ ਪੱਧਰ ਉੱਤੇ ਲਿਸਟਾਂ ਤਿਆਰ ਕੀਤੀਆਂ ਜਾਣ ਜਿਸ ਵਿੱਚ ਹਰ ਇਕ ਕਿਸਾਨ ਕੋਲ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਹੈ ਅਤੇ ਕਿਸ ਤਰ੍ਹਾਂ ਦੀ ਮਸ਼ੀਨਰੀ ਮੌਜੂਦ ਹੈ। ਇਸ ਨਾਲ ਪਰਾਲੀ ਪ੍ਰਬੰਧਨ ਦੌਰਾਨ ਆਸਾਨ ਰਹੇਗਾ ਅਤੇ ਕਿਸਾਨ ਵੀਰ ਆਪਸ ਵਿੱਚ ਇੱਕ ਦੂਸਰੇ ਤੋਂ ਸੰਦ ਵੀ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਿੰਡਾਂ 'ਚ ਲਗਾਤਾਰ ਜਾਗਰੂਕਤਾ ਵੈਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਿੰਡਾਂ ਵਾਰ ਸ਼ੈਡਿਊਲ ਬਣਾਇਆ ਗਿਆ ਹੈ ਅਤੇ ਕਿਸਾਨਾਂ ਨੂੰ ਪੰਫਲੇਟ ਵੀ ਵੰਡੇ ਜਾ ਰਹੇ ਹਨ । ਨਾਲ ਹੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਵੱਲੋਂ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਅਤੇ ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀ ਕਿਸਾਨਾਂ ਨੂੰ ਪੱਤਰ ਲਿਖ ਕੇ ਦੇ ਰਹੇ ਹਨ ਜਿਸ 'ਚ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੱਤਰ ਲਿਖਣ ਸਬੰਧੀ ਪਹਿਲੀ, ਦੂਜੀ ਅਤੇ ਤੀਜੀ ਸਭ ਤੋਂ ਵਧੀਆ ਐਂਟਰੀਆਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ 'ਚ ਸਨਮਾਨਿਤ ਕੀਤਾ ਜਾਵੇਗਾ। ਇਸ ਬੈਠਕ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉੱਪ ਮੰਡਲ ਮੈਜਿਸਟ੍ਰੇਟ, ਬਰਨਾਲਾ ਗੋਪਾਲ ਸਿਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਐੱਸ.ਡੀ.ਓ. ਵਿਪਨ ਕੁਮਾਰ, ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ ਅਤੇ ਹੋਰ ਲੋਕ ਮੌਜੂਦ ਸਨ।