ਪਰਾਲੀ ਨਾ ਸਾੜਨ ਲਈ ਵਿਦਿਆਰਥੀਆਂ ਨੇ ਚਲਾਈ ਜਾਗਰੂਕਤਾ ਮੁਹਿੰਮ

  • ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਰਾਲੀ ਜਾਗਰੂਕਤਾ ਮੁਹਿੰਮ ਤਹਿਤ ਕਿਸਾਨਾਂ, ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ 

ਬਰਨਾਲਾ, 3  ਅਕਤੂਬਰ : ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਪ੍ਰੇਰਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਸਕੂਲੀ ਵਿਦਿਆਰਥੀਆਂ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਅਤੇ ਇਸ ਤੋਂ ਪੈਦਾ ਹੋਣ ਵਾਲੇ ਧੂੰਏ ਦੇ ਸਾਡੇ ਵਾਤਾਵਰਣ, ਰੁੱਖਾਂ, ਪੌਦਿਆਂ, ਜੀਵ ਜੰਤੂਆਂ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਆਪਣੇ ਨਿੱਜੀ ਵਿਚਾਰਾਂ ਨੂੰ ਇੱਕ ਲੇਖ ਦੇ ਤੌਰ ਤੇ ਪੇਪਰ ਤੇ ਲਿਖ ਕੇ ਕਿਸਾਨ ਭਰਾਵਾਂ ਨੂੰ ਸੌਂਪਿਆ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਤਹਿਤ ਇਹ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਪਹਿਲਾਂ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਦੁਰਪ੍ਰਭਾਵਾਂ ਬਾਰੇ ਦੱਸਿਆ ਗਿਆ। ਉਹਨਾਂ ਕਿਹਾ ਕਿ ਜਿਹੜੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਪਰਿਵਾਰ ਕਿਰਸਾਨੀ ਦੇ ਕਿੱਤੇ ਨਾਲ ਸੰਬਧਿਤ ਹਨ ਉਹਨਾਂ ਨੇ ਖੁਦ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦਾ ਅਹਿਦ ਲਿਆ ਹੈ। ਉੱਪ ਜ਼ਿਲ੍ਹਾ ਅਫ਼ਸਰ (ਐ.ਸਿ) ਸ਼੍ਰੀਮਤੀ ਵਸੁੰਧਰਾ ਕਪਿਲਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਬਰਜਿੰਦਰਪਾਲ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਇੱਕ ਗੰਭੀਰ ਵਿਸ਼ਾ ਹੈ। ਸਰਕਾਰ ਵੱਲੋਂ ਇਸ ਨਾਲ ਨਿੱਜਠਣ ਲਈ ਪੂਰੀ ਸੰਜੀਦਗੀ ਨਾਲ ਉਪਰਾਲਾ ਕੀਤਾ ਰਿਹਾ ਹੈ। ਉਹਨਾਂ ਕਿਹਾ ਕਿ ਸਕੂਲੀ ਵਿਦਿਆਰਥੀ ਪੂਰੇ ਉਤਸ਼ਾਹ ਅਤੇ ਤਨਦੇਹੀ ਨਾਲ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਪਰਾਲੀ ਨਾ ਸਾੜਨ ਸੰਬੰਧੀ ਲਿਖੇ ਗਏ ਆਰਟੀਕਲ ਅਤੇ ਲੇਖਾਂ ਦਾ ਜ਼ਿਲ੍ਹਾ ਪੱਧਰ 'ਤੇ ਮੁਕਾਬਲਾ ਕਰਵਾਇਆ ਜਾਵੇਗਾ ਅਤੇ ਬੇਹਤਰੀਨ ਆਰਟੀਕਲ ਲਿਖਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿੱਖਿਆ ਦਫ਼ਤਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਵਿਦਿਆਰਥੀ ਬਲਕਰਨ ਸਿੰਘ, ਸਰਕਾਰੀ ਉਹ ਸਮਾਰਟ ਸਕੂਲ ਪਿੰਡ ਪੱਖੋਕੇ ਨੇ ਦੱਸਿਆ ਕਿ ਉਨ੍ਹਾਂ ਕਿਸਾਨਾਂ ਵੀਰਾਂ ਦੇ ਨਾ ਪੱਤਰ ਲਿਖਿਆ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੀ ਸਮਸਿਆ ਬਾਰੇ ਦੱਸਿਆ ਅਤੇ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ । ਇਸੇ ਤਰ੍ਹਾਂ ਵਿਦਿਆਰਥੀ ਜੈਸਮੀਨ ਕੌਰ, ਮਨਿੰਦਰ ਕੌਰ ਅਤੇ ਸੰਦੀਪ ਕੌਰ ਨੇ ਵੀ ਪੱਤਰ ਲਿਖੇ ਹਨ ।