ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ  ਸਵੀਪ ਮੋਬਾਇਲ ਵੈਨ ਰਵਾਨਾ

ਬਰਨਾਲਾ, 21 ਦਸੰਬਰ : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਆਗਾਮੀ ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਇੱਕ ਸਵੀਪ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ, ਬਰਨਾਲਾ ਨੇ ਦੱਸਿਆ ਕਿ ਇਹ ਵੈਨ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਚਲਾਈ ਗਈ ਹੈ । ਉਹਨਾਂ ਕਿਹਾ ਕਿ ਇਹ ਵੈਨ ਅਗਲੇ ਦੋ ਦਿਨਾਂ ਤੱਕ ਜ਼ਿਲ੍ਹੇ ਦੇ ਹਰੇਕ ਚੋਣ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਜਾ ਕੇ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰੇਗੀ। ਸ੍ਰੀਮਤੀ ਪੂਨਮਦੀਪ ਕੌਰ ਨੇਦੱਸਿਆ ਕਿ ਇਸ ਵੈਨ ਵਿੱਚ ਵੱਡੀ ਸਕਰੀਨ ਲਗਾਈ ਗਈ ਹੈ ਅਤੇ ਇਸ ਵੈਨ ਦਾ ਮੁੱਖ ਉਦੇਸ਼ ਲੋਕਾਂ ਨੂੰ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਨਵੀਂ ਵੋਟ ਬਣਾਉਣ ਜਾਂ ਸ਼ਿਕਾਇਤ ਕਰਨ ਸਬੰਧੀ ਐਪਾਂ ਦੀ ਜਾਣਕਾਰੀ ਦੇਣਾ ਹੈ। ਜਿਸ ਰਾਹੀਂ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।