ਲੁਧਿਆਣਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀ

ਲੁਧਿਆਣਾ, 5 ਅਕਤੂਬਰ, 2024 : ਲੁਧਿਆਣਾ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ। ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ। ਕਿਉਂਕਿ ਜਿਸ ਨੰਬਰ ਤੋਂ ਉਕਤ ਈਮੇਲ ਐਡਰੈੱਸ ਜਨਰੇਟ ਹੋਇਆ ਸੀ ਦੇ ਆਧਾਰ ‘ਤੇ ਪੁਲਿਸ ਨੇ ਉਕਤ ਨਾਬਾਲਗ ਨੂੰ ਹਿਰਾਸਤ ‘ਚ ਲੈ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।