ਆਨ ਲਾਇਨ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ : ਅਭਿਸ਼ੇਕ ਸ਼ਰਮਾਂ

  • ਆਨਲਾਈਨ ਪੋਰਟਲ ਸਬੰਧੀ ਸਮੱਸ਼ਿਆਵਾਂ ਦਾ ਨਿਪਟਾਰਾ ਕਰਨ ਲਈ ਦਿੱਤੀ ਜਾਣਕਾਰੀ  
  • ਮੁੱਖ ਮੰਤਰੀ ਦੇ ਫੀਲਡ ਅਫਸਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ  

ਫਤਹਿਗੜ੍ਹ ਸਾਹਿਬ, 04 ਮਾਰਚ : ਆਨ ਲਾਇਨ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸ਼ਿਆ ਤੋਂ ਜਲਦੀ ਨਿਜਾਤ ਮਿਲ ਸਕੇ। ਇਹ ਹਦਾਇਤਾਂ ਮੁੱਖ ਮੰਤਰੀ ਦੇ ਫੀਲਡ ਅਫਸਰ ਸ੍ਰੀ ਅਭਿਸ਼ੇਕ ਸ਼ਰਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਟ੍ਰੇਨਿੰਗ ਦੇਣ ਸਮੇਂ ਦਿੱਤੀਆਂ।  ਉਨ੍ਹਾਂ ਕਿਹਾ ਕਿ ਇਹ ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਆਮ ਨਾਗਰਿਕਾਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਨਾ ਹੋਣ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਨਾਲ ਸਰਕਾਰ ਦਾ ਅਕਸ਼ ਵੀ ਖਰਾਬ ਹੁੰਦਾ ਹੈ। ਸ੍ਰੀ ਅਭਿਸ਼ੇਕ ਸ਼ਰਮਾਂ ਨੇ ਅਧਿਕਾਰੀਆਂ ਨੂੰ ਹੋਰ ਕਿਹਾ ਕਿ ਲੋਕਾਂ ਵੱਲੋਂ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਮੇਂ ਇਹ ਧਿਆਨ ਰੱਖਿਆ ਜਾਵੇ ਕਿ ਉਸ ਸ਼ਿਕਾਇਤ ਸਬੰਧੀ ਢੁੱਕਵਾ ਜਵਾਬ ਦਿੱਤਾ ਜਾਵੇ।  ਉਨ੍ਹਾਂ ਕਿਹਾ ਕਿ ਕਈ ਵਾਰ ਇਹ ਦੇਖਣ ਵਿੱਚ  ਆਇਆ ਹੈ ਕਿ ਅਧਿਕਾਰੀਆਂ ਵੱਲੋਂ ਆਪਣੇ ਜਵਾਬ ਵਿੱਚ  ਇਹ ਲਿਖ ਦਿੱਤਾ ਜਾਂਦਾ ਹੈ ਕਿ ਸ਼ਿਕਾਇਤ ਕਰਤਾ ਨਾਲ ਰਾਬਤਾ ਕਾਇਮ ਕਰ ਲਿਆ ਹੈ ਅਤੇ ਸਬੰਧਤ ਸ਼ਿਕਾਇਤ ਦਾ ਛੇਤੀ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ, ਅਸਲ ਵਿੱਚ ਇਹ ਲਿਖਣ ਨਾਲ ਸ਼ਿਕਾਇਤ ਉਨ੍ਹਾਂ ਦੇ ਖਾਤੇ ਵਿੱਚ ਖੜੀ ਰਹਿੰਦੀ ਹੈ ਤੇ ਇਸਦਾ ਨਿਪਟਾਰਾ ਨਹੀਂ ਹੁੰਦਾ। ਇਸ ਲਈ ਠੀਕ ਇਹ ਹੋਵੇਗਾ ਕਿ ਰਿਪੋਰਟ ਵਿੱਚ ਸਹੀ ਤੱਥ ਪੇਸ਼ ਕੀਤੇ ਜਾਣ ਕਿ ਇਸ ਕੇਸ਼ ਦਾ ਨਿਪਟਾਰਾ ਕੀਤਾ ਗਿਆ ਹੈ ਜਾਂ ਕਿੰਨੇ ਸਮੇਂ ਵਿੱਚ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹਾ ਡਿਵੈਲਪਮੈਂਟ ਫੈਲੋ ਮਾਯੂਰੀ ਨੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆ/ਕਰਮਚਾਰੀਆਂ ਨੂੰ ਪੋਰਟਲ ਸਬੰਧੀ ਵਿਸਥਾਰਪੁਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਸ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਸਾਡੇ ਧਿਆਨ ਵਿੱਚ ਲਿਆਉਣ ਤਾਂ ਜੋ ਇਸਦਾ ਸਮੇਂ ਸਿਰ ਹੱਲ ਕੀਤਾ ਜਾਵੇ।