‘ਖੇਡਾਂ ਵਤਨ ਪੰਜਾਬ ਦੀਆਂ’ ਦੇ ਮਸ਼ਾਲ ਮਾਰਚ ਦਾ ਫਰੀਦਕੋਟ ਪਹੁੰਚਣ ’ਤੇ ਹੋਇਆ ਸ਼ਾਨਦਾਰ ਸਵਾਗਤ

  • ਸਪੀਕਰ ਸੰਧਵਾਂ, ਵਿਧਾਇਕ ਸੇਖੋਂ, ਵਿਧਾਇਕ ਅਮੋਲਕ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਅੰਤਰਰਾਸ਼ਟਰੀ ਖਿਡਾਰੀ ਮਸ਼ਾਲ ਮਾਰਚ ’ਚ ਹੋਏ ਸ਼ਾਮਲ

ਫਰੀਦਕੋਟ, 28 ਅਗਸਤ : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੇ ਗਏ ਮਸ਼ਾਲ ਮਾਰਚ ਦਾ ਅੱਜ ਫਰੀਦਕੋਟ ਪਹੁੰਚਣ ’ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਮਸ਼ਾਲ ਮਾਰਚ ਕੋਟਕਪੂਰਾ ਗੋਲ ਚੌਂਕ ਦੇ ਰਸਤੇ ਹੁੰਦਾ ਹੋਇਆ ਸਥਾਨਕ ਨਹਿਰੂ ਸਟੇਡੀਅਮ ਫਰੀਦਕੋਟ ਪਹੁੰਚਿਆ ਜਿੱਥੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੇ ਹੋਏ ਇਸ ਨੂੰ ਫਾਜਿਲਕਾ ਵੱਲ ਰਵਾਨਾ ਕਰ ਦਿੱਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਇੰਮਪਰੂਵਮੈਂਟ ਇੰਟਰਸਟ ਦਾ ਚੇਅਰਮੈਨ ਗੁਰਤੇਜ ਸਿੰਘ ਖੋਸਾ, ਆਮ ਆਦਮੀ ਯੂਥ ਦੇ ਵਾਈਸ ਪ੍ਰਧਾਨ ਗਗਨ ਧਾਲੀਵਾਲ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ, ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ, ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ,ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ ਤੋਂ ਇਲਾਵਾ ਕੋਚ ਸਾਹਿਬਾਨ ਤੇ ਖਿਡਾਰੀ ਵੀ ਮੌਜੂਦ ਸਨ। ਮਸ਼ਾਲ ਮਾਰਚ ਵਿਚ ਹਿੱਸਾ ਲੈ ਰਹੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਨਹਿਰੂ ਸਟੇਡੀਅਮ ਵਿਚ ਸਵਾਗਤ ਕਰਦੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਤੋਂ ਸ਼ੁਰੂ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਆਪਣਾ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਖੇਡਾਂ ਨਾਲ ਜੁੜ ਕੇ ਨਸ਼ੇ ਤੋਂ ਦੂਰ ਰਹੇਗੀ ਅਤੇ ਪੰਜਾਬ ਇਕ ਵਾਰ ਫਿਰ ਹੱਸਦਾ-ਵੱਸਦਾ, ਖੇਡਦਾ ਅਤੇ ਰੰਗਲਾ ਪੰਜਾਬ ਬਣ ਸਕੇਗਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਵਿਚ ਇਕ ਵਾਰ ਫਿਰ ਖੇਡਾਂ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿਚ ਬਹੁਤ ਕਾਬਲੀਅਤ ਰੱਖਦੇ ਹਨ, ਬਸ ਉਨ੍ਹਾਂ ਨੂੰ ਸਹੀ ਪਲੇਟਫਾਰਮ ਦੀ ਜ਼ਰੂਰਤ ਸੀ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਮੁਹੱਈਆ ਕਰਵਾਇਆ ਹੈ। ਵਿਧਾਇਕ ਸ. ਗੁਰਦਿੱਤ ਸਿੰਘ ਸ਼ੇਖੋਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ।ਇਸ ਨਾਲ ਖਿਡਾਰੀਆਂ ਨੂੰ ਬਹੁਤ ਉਤਸ਼ਾਹ ਮਿਲੇਗਾ ਅਤੇ ਉਨ੍ਹਾਂ ਦੀ ਖੇਡਾਂ ਵਿੱਚ ਦਿਲਚਸਪੀ ਵਧੇਗੀ। ਇਸ ਮੌਕੇ ਬੋਲਦਿਆਂ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕਿਹਾ ਕਿ ਇਸ ਮਿਸ਼ਾਲ ਮਾਰਚ ਰਾਹੀਂ ਬੱਚਿਆ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਤਾਂ ਵਧੇਗੀ ਹੀ, ਇਸ ਦੇ ਨਾਲ ਉਹ ਨਸ਼ਿਆਂ ਤੋਂ ਵੀ ਦੂਰ ਰਹਿਣਗੇ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਇਹ ਮਸ਼ਾਲ ਮਾਰਚ ਨੌਜਵਾਨਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਜੋੜਨ ਵਿਚ ਸਫ਼ਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰ ਤੱਕ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕੱਢੇ ਜਾ ਰਹੇ ਮਸ਼ਾਲ ਮਾਰਚ ਦੀ ਸ਼ੁਰੂਆਤ 22 ਅਗਸਤ ਨੂੰ ਜ਼ਿਲ੍ਹਾ ਲੁਧਿਆਣਾ ਤੋਂ ਹੋਈ ਹੈ ਅਤੇ ਇਹ ਮਸ਼ਾਲ ਮਾਰਚ ਪੂਰੇ ਪੰਜਾਬ ਵਿਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਚ 29 ਅਗਸਤ ਨੂੰ ਪਹੁੰਚੇਗਾ, ਜਿਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਇਸ ਮੌਕੇ ਗੁਰਭਗਤ ਸਿੰਘ ਸੰਧੂ, ਹਰਬੰਸ ਸਿੰਘ ਦੋਨੋ ਰਿਟਾ. ਜਿਲ੍ਹਾ ਖੇਡ ਅਫਸਰ ਤੋਂ ਇਲਾਵਾ ਸਮੂਹ ਖੇਡ ਵਿਭਾਗ ਦੇ ਕੋਚ ਅਤੇ ਸਟਾਫ ਹਾਜ਼ਰ ਸਨ।