ਵਾਧੂ ਫੀਸ ਵਸੂਲਣ ’ਤੇ ਦੋ ਪ੍ਰਾਈਵੇਟ ਸਕੂਲਾਂ ਨੂੰ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ

ਪਟਿਆਲਾ  25 ਦਸੰਬਰ : ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਨ੍ਹਾਂ ਦੋ ਸਕੂਲਾਂ ‘ਤੇ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਨੇ ਵਿੱਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਤੋਂ ਵਾਧੂ ਫੀਸ ਵਸੂਲਣ ਕਰਕੇ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੀ ਉਲੰਘਣਾ ਕਰਨ ’ਤੇ ਲਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰੈਗੂਲੇਟਰੀ ਬਾਡੀ ਪਟਿਆਲਾ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ। ਫੀਸ ਰੈਗੂਲੇਟਰੀ ਬਾਡੀ ਦੇ ਮੈਂਬਰ ਸਕੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਵੱਧ ਫੀਸਾਂ ਵਸੂਲਣ ਵਾਲੇ ਇਨ੍ਹਾਂ ਸਕੂਲਾਂ ਵਿਚ ਅਰਬਨ ਅਸਟੇਟ ਸਥਿਤ ‘ਰਿਆਨ ਇੰਟਰਨੈਸ਼ਨਲ ਸਕੂਲ’ ਨੂੰ ਦੋ ਲੱਖ ਰੁਪਏ ਅਤੇ ‘K.S.B ਵਰਲਡ ਸਕੂਲ ਬੁਰੜ’ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਨੂੰ ਵਾਧੂ ਵਸੂਲੀ ਗਈ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ। ਦੱਸ ਦੇਈਏ ਕਿ ਇਨ੍ਹਾਂ ਸਕੂਲਾਂ ਵਿੱਚ ਅਚਨਚੇਤ ਨਿਰੀਖਣ ਕੀਤਾ ਗਿਆ ਸੀ। ਇਸ ਦੌਰਾਨ ਸਕੂਲਾਂ ਵਿਚ ਖਾਮੀਆਂ ਪਾਈਆਂ ਗਈਆਂ, ਜਿਸ ਕਰਕੇ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਜੇਕਰ ਹਫ਼ਤੇ ’ਚ ਜਾਰੀ ਕੀਤੇ ਨੋਟਿਸ ਦੇ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ‘ਤਾਂ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।