ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ 'ਚ ਹਲਕਾ ਉੱਤਰੀ 'ਚ ਵਿਕਾਸ ਕਾਰਜ਼ ਚੱਲ ਰਹੇ ਜ਼ੋਰਾਂ ਸ਼ੋਰਾਂ ਨਾਲ

ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਚੰਦਰ ਨਗਰ ਦੀਆਂ ਪ੍ਰਮੁੱਖ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਜਿਸ 'ਤੇ ਕਰੀਬ 62 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਨ੍ਹਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਐਕਸੀਅਨ ਸੰਜੀਵ ਕੁਮਾਰ, ਬਿੱਟੂ ਭਨੌਟ, ਗੁਰਵੀਰ ਬਾਜਵਾ, ਮੋਹਿਤ ਸ਼ਰਮਾ, ਬੌਵੀ ਸ਼ਰਮਾ, ਵਰਿੰਦਰ ਚੌਪੜਾ, ਮੁਰਾਰੀ ਬਜਾਜ, ਨਵਨੀਤ ਅਤੇ ਗੌਰਵ ਡੰਗ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।