ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿੱਚ ਸੰਗਰੂਰ ਵਾਸੀਆਂ ਵੱਲੋਂ ਝਾਕੀਆਂ ਨੂੰ ਭਰਵਾਂ ਹੁੰਗਾਰਾ

  • ਝਾਕੀਆਂ ਨੂੰ ਸਮੁੱਚੇ ਪੰਜਾਬ ਵਿੱਚ ਮਿਲ ਰਿਹੈ ਪੂਰਾ ਪਿਆਰ ਅਤੇ ਸਤਿਕਾਰ- ਨਰਿੰਦਰ ਕੌਰ ਭਰਾਜ

ਸੰਗਰੂਰ, 29 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਵੱਲੋਂ ਦੇਸ਼ ਦੀ ਆਜ਼ਾਦੀ ਵਿੱਚ ਪਾਏ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀਆਂ ਤਿੰਨ ਝਾਕੀਆਂ ਅੱਜ ਸੰਗਰੂਰ ਸ਼ਹਿਰ ਪਹੁੰਚੀਆਂ ਜਿੱਥੇ ਸ਼ਹਿਰ ਵਾਸੀਆਂ ਵੱਲੋਂ ਇਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਜਿਹੜੀਆਂ ਝਾਕੀਆਂ ਨੂੰ ਕੇਂਦਰ ਵੱਲੋਂ ਬੇਬੁਨਿਆਦੀ ਹੀ ਰੱਦ ਕਰ ਦਿੱਤਾ ਗਿਆ ਸੀ, ਅੱਜ ਉਨ੍ਹਾਂ ਝਾਕੀਆਂ ਨੂੰ ਸਮੁੱਚੇ ਪੰਜਾਬ ਦੇ ਲੋਕ ਪੂਰਾ ਪਿਆਰ ਅਤੇ ਸਤਿਕਾਰ ਦੇ ਰਹੇ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਨਾਲ ਆਜ਼ਾਦੀ ਦੇ ਸੰਘਰਸ਼ ਵਿੱਚ ਪਾਇਆ ਯੋਗਦਾਨ ਕਿਸੇ ਵੀ ਕੀਮਤ ਉੱਪਰ ਘੱਟ ਨਹੀਂ ਸਕਦਾ ਸਗੋਂ ਪੰਜਾਬ ਦੇ ਸੂਰਬੀਰਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਾਰੇ ਦੇਸ਼ ਲਈ ਮਾਣਮੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਝਾਕੀਆਂ ਰਾਹੀਂ ਪੰਜਾਬ ਦੇ ਮਾਣਮੱਤੇ ਇਤਿਹਾਸ ਦੇ ਮੁੜ ਤੋਂ ਰੂ-ਬਰੂ ਹੋ ਰਹੇ ਹਨ ਅਤੇ ਇਨ੍ਹਾਂ ਝਾਕੀਆਂ ਦੇ ਦਰਸ਼ਨ ਕਰਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਨਹੀਂ ਸਗੋਂ ਤਿੰਨ ਵੱਖੋ-ਵੱਖਰੇ ਵਿਸ਼ਿਆਂ ਉੱਪਰ ਝਾਕੀਆਂ ਤਿਆਰ ਕੀਤੀਆਂ ਗਈਆਂ ਸਨ ਅਤੇ ਤਿੰਨਾਂ ਨੂੰ ਬਿਨਾ ਕਿਸੇ ਕਾਰਨ ਤੋਂ ਰੱਦ ਕਰਨਾ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਗਤੀਵਿਧੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀਆਂ ਕੋਝੀਆਂ ਸਿਆਸਤਾਂ ਦਾ ਮੂੰਹ ਤੋੜ ਜਵਾਬ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਚੇਅਰਮੈਨ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਐਸ.ਪੀ. ਨਵਰੀਤ ਸਿੰਘ ਵਿਰਕ, ਚੇਅਰਮੈਨ ਮਾਰਕਿਟ ਕਮੇਟੀ ਅਵਤਾਰ ਸਿੰਘ ਈਲਵਾਲ, ਤਹਿਸੀਲਦਾਰ ਸੁਰਿੰਦਰ ਸਿੰਘ ਪੰਨੂੰ, ਡੀ.ਐਸ.ਪੀ. ਮਨੋਜ ਗੋਰਸੀ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਵਿਦਿਆਰਥੀ ਹਾਜ਼ਰ ਸਨ।