ਕੇਂਦਰ ਸਰਕਾਰ ਕੋਲ ਪੰਜਾਬ ਸ਼ਰਾਬ ਘੁਟਾਲੇ ਵਿਚ ਮੁੱਖ ਮੰਤਰੀ ਮਾਨ ਦੇ ਖਿਲਾਫ ਕਾਰਵਾਈ ਵਾਸਤੇ ਢੁਕਵੇਂ ਸਬੂਤ ਮੌਜੂਦ ਹਨ : ਹਰਸਿਮਰਤ ਬਾਦਲ

  • ਹਰਸਿਮਰਤ ਬਾਦਲ ਵੱਲੋਂ ਪੰਜਾਬ ਸ਼ਰਾਬ ਘੁਟਾਲਾ ਕੇਸ ਵਿਚ ਮੁੱਖ ਮੰਤਰੀ ਖਿਲਾਫ ਕਾਰਵਾਈ ਦੀ ਮੰਗ

ਬਠਿੰਡਾ, 5 ਜਨਵਰੀ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਜਿਸ ਤਰੀਕੇ ਦਿੱਲੀ ਸ਼ਰਾਬ ਘੁਟਾਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਉਸੇ ਤਰੀਕੇ ਪੰਜਾਬ ਸ਼ਰਾਬ ਘੁਟਾਲੇ ਵਿਚ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇ। ਬੀਬੀ ਬਾਦਲ ਨੇ ਕਿਹਾ ਕਿ ਦੋਵੇਂ ਘੁਟਾਲੇ ਇਕੋ ਜਿਹੇ ਹਨ। ਉਹਨਾਂ ਕਿਹਾ ਕਿ ਦਿੱਲੀ ਵਾਂਗੂ ਪੰਜਾਬ ਵਿਚ ਵੀ ਸ਼ਰਾਬ ਕਾਰੋਬਾਰ ਕੁਝ ਸੀਮਤ ਹੱਥਾਂ ਵਿਚ ਦੇ ਕੇ ਮੁਨਾਫੇ ਕਮਾਉਣ ਤੇ ਸ਼ਰਾਬ ਕਾਰੋਬਾਰ ’ਤੇ ਏਕੀਕਰਨ ਕਰਨ ਦੀ ਨੀਤੀ ਘੜੀ ਤੇ ਲਾਗੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅਜਿਹਾ ਸਿਰਫ ਰਿਸ਼ਵਤਖੋਰੀ ਹਾਸਲ ਕਰਨ ਵਾਸਤੇ ਕੀਤਾ ਗਿਆ ਤੇ ਸੁਪਰੀਮ ਕੋਰਟ ਨੇ ਵੀ ਮੰਨਿਆ ਹੈ ਕਿ 338 ਕਰੋੜ ਰੁਪਏ ਦਾ ਲੈਣ ਦੇਣ ਹੋਇਆ ਹੈ। ਅੱਜ ਇਥੇ ਤਲਵੰਡੀ ਸਾਬੋ ਦੇ ਪਿੰਡ ਕਮਾਲੂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਪੰਜਾਬ ਸ਼ਰਾਬ ਘੁਟਾਲੇ ਵਿਚ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਖਿਲਾਫ ਕਾਰਵਾਈ ਵਾਸਤੇ ਢੁਕਵੇਂ ਸਬੂਤ ਮੌਜੂਦ ਹਨ। ਉਹਨਾਂ ਕਿਹਾ  ਕਿ ਪੰਜਾਬ ਦੇ ਮੁੱਖ ਮੰਤਰੀ ਦੇ ਖਿਲਾਫ ਤੁਰੰਤ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀਹੈ।  ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਵੀ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਅੱਗੇ ਪੇਸ਼ ਹੋਣ ਤੋਂ ਭੱਜਣਾ ਨਹੀਂ ਚਾਹੀਦਾ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਕੇਜਰੀਵਾਲ ਸਵਾਲਾਂ ਦਾ ਸਾਹਮਣਾ ਨਹੀਂ ਕਰ ਸਕਦੇ ਕਿਉਂਕਿ ਉਹ ਸ਼ਰਾਬ ਘੁਟਾਲੇ ਦੇ ਮੁੱਖ ਸਰਗਨਾ ਹਨ ਜਿਸ ਵਿਚ ਉਹਨਾਂ ਦੀ ਪਾਰਟੀ ਦੇ ਸੀਨੀਅਰ ਆਗੂ ਪਹਿਲਾਂ ਹੀ ਜੇਲ੍ਹ ਵਿਚ ਹਨ। ਬਾਦਲ ਨੇ ਇਹ ਵੀ ਮੰਗ ਕੀਤੀ ਕਿ ਆਪ ਸਰਕਾਰ ਦੇ ਅਧੀਨ ਸੂਬੇ ਭਰ ਵਿਚ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਕੀਤੀ ਜਾ ਰਹੀ ਨਜਾਇਜ਼ ਰੇਤ ਮਾਇਨਿੰਗ ਨੂੰ ਬੇਨਕਾਬ ਕਰਨ ਵਾਸਤੇ ਵੱਖਰੀ ਜਾਂਚ ਹੋਣੀ ਚਾਹੀਦੀ ਹੈ। ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰਨੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਦੋਵੇਂ ਇਕ ਦੂਜੇ ਖਿਲਾਫ ਚੁੱਪੀ ਧਾਰ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ ਜਦੋਂ ਕਿ ਸ੍ਰੀ ਅਰਵਿੰਦ ਕੇਜਰੀਵਾਲ ਤੇ ਸ੍ਰੀ ਰਾਹੁਲ ਗਾਂਧੀ ਨੇ ਤਾਂ ਪਹਿਲਾਂ ਹੀ ਕੌਮੀ ਪੱਧਰ ’ਤੇ ਗਠਜੋੜ ਕਰ ਲਿਆ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਦੋਵਾਂ ਪਾਰਟੀਆਂ ਨੂੰ ਰੱਦ ਕਰ ਕੇ ਸ਼੍ਰੋਮਣੀ ਅਕਾਲੀ ਦਲ ’ਤੇ ਭਰੋਸਾ ਪ੍ਰਗਟਾਉਣ ਜਿਸਦਾ ਰਿਕਾਰਡ ਵਿਕਾਸ ਕਰਵਾਉਣ ਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਚਲਾਉਣ ਦਾ ਰਿਕਾਰਡ ਰਿਹਾ ਹੈ। ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਪਿਛਲੇ 20 ਮਹੀਨਿਆਂ ਵਿਚ ਆਪ ਸਰਕਾਰ ਨੇ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਕੀਤਾ ਹੈ ਜਦੋਂ ਕਿ ਬੁਨਿਆਦੀ ਢਾਂਚੇ ਦੇ ਕੰਮਾਂ ਦੇ ਨਾਂ ’ਤੇ ਇਸ ਕੋਲ ਵਿਖਾਉਣ ਵਾਸਤੇ ਕੱਖ ਨਹੀਂ ਹੈ। ਉਹਨਾਂ ਕਿਹਾ ਕਿ ਹਰ ਰੋਜ਼ ਆਪ ਦੇ ਹੋਰ ਰਾਜਾਂ ਵਿਚ ਪਸਾਰ ਵਾਸਤੇ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ਚਾਰਟਡ ਫਲਾਈਟਸ ਦੇ ਕਿਰਾਏ ਦੀ ਅਦਾਇਗੀ ’ਤੇ ਬਰਬਾਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਆਪ ਸਰਕਾਰ ਨੇ ਸ਼ਗਨ ਸਕੀਮ ਬੰਦ ਕਰ ਦਿੱਤੀ ਹੈ ਤੇ ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਦੇ ਅਣਗਿਣਤ ਲਾਭਪਾਤਰੀਆਂ ਦੇ ਨਾਂ ਸੂਚੀ ਵਿਚੋਂ ਕੱਟ ਦਿੱਤੇ ਹਨ ਤੇ ਬੁਨਿਆਦੀ ਢਾਂਚੇ ਦਾ ਇਕ ਵੀ ਪ੍ਰਾਜੈਕਟ ਨਹੀਂ ਵਿੱਢਿਆ।