ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ

  • ਜ਼ਿਲ੍ਹੇ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਬਣਾਉਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ: ਤੋਖਨ ਸਾਹੂ

ਫ਼ਿਰੋਜ਼ਪੁਰ, 20 ਨਵੰਬਰ 2024 : ਕੇਂਦਰੀ ਨੀਤੀ ਆਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਹੋਰ ਵਿਕਾਸ ਕਾਰਜਾਂ ਦਾ ਰਿਵਿਊ ਕਰਨ ਲਈ ਰਾਜ ਮੰਤਰੀ ਰਿਹਾਇਸ਼ ਤੇ ਸ਼ਹਿਰੀ ਮਾਮਲੇ, ਭਾਰਤ ਸਰਕਾਰ ਸ਼੍ਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਵਿਖੇ ਪਹੁੰਚਣ ਉਪਰੰਤ ਸਭ ਤੋਂ ਪਹਿਲਾਂ ਉਨ੍ਹਾਂ ਵੱਲੋਂ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਕਰਾਂਤੀਕਾਰੀ ਬੀ.ਕੇ. ਦੱਤ ਦੀਆਂ ਸਮਾਂਧਾਂ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਸਹਿਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ ਹੋਏ ਕਾਰਜਾਂ ਅਤੇ ਪ੍ਰਗਤੀ ਅਧੀਨ ਕਰਜਾਂ ਕਾਰਜਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਹਰੇਕ ਅਧਿਕਾਰੀ /ਕਰਮਚਾਰੀ ਵੱਲੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਉਦੋਂ ਹੀ ਪਹੁੰਚ ਸਕਦਾ ਹੈ ਜਦ ਹਰੇਕ ਅਧਿਕਾਰੀ/ਕਰਮਚਾਰੀ ਪੂਰੀ ਇਮਾਨਦਾਰੀ ਤੇ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਏ। ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ। ਸ਼੍ਰੀ ਤੋਖਨ ਸਾਹੂ ਨੇ ਕਿਹਾ ਕਿ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਜਰੂਰੀ ਹੈ ਕਿ ਅੰਕੜਿਆਂ ਤੋਂ ਉੱਪਰ ਉੱਠ ਕੇ ਕੰਮ ਕੀਤਾ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫ਼ਿਰੋਜ਼ਪੁਰ ਨੂੰ ਜਲਦ ਤੋਂ ਜਲਦ 'ਐਸਪੀਰੇਸ਼ਨਲ' ਤੋਂ 'ਪ੍ਰੇਰਕ' ਜ਼ਿਲ੍ਹਾ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਇਸ ਲਈ ਹਰੇਕ ਵਿਭਾਗ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ, ਭੌਂ ਸੁਧਾਰ, ਖੇਤੀਬਾੜੀ ਵਿਭਿੰਨਤਾ, ਸਰੀਰਿਕ ਤੇ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ, ਪੱਛੜੇ ਵਰਗਾਂ ਲਈ ਵਿਸ਼ੇਸ਼ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਟੀ.ਬੀ. ਅਤੇ ਕੁਪੋਸ਼ਣ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ, ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ, ਸਰਕਾਰੀ ਸਕੂਲਾਂ ਵਿੱਚ ਸੋਲਰ ਪਾਵਰ ਸਿਸਟਮ, ਸਮਾਰਟ ਕਲਾਸ ਰੂਮ ਪੈਨਲ ਲਗਾਉਣ, ਜ਼ਿਲ੍ਹੇ ਵਿੱਚ ਐਗਰੀਕਲਚਰ ਲੈਬ ਸਥਾਪਿਤ ਕਰਨ, ਮੱਲਾਂਵਾਲਾ ਵਿਖੇ ਐਸ.ਟੀ.ਪੀ. ਦੀ ਸਥਾਪਨਾ ਆਦਿ ਕਾਰਜਾਂ ਦੀ ਵਿਸ਼ੇਸ਼ ਤੌਰ ਉੱਤੇ ਪ੍ਰਸ਼ੰਸਾ ਕੀਤੀ। ਉਨ੍ਹਾਂ ਜ਼ਿਲ੍ਹੇ ਵਿੱਚ ਸਥਾਪਤ ਕੀਤੇ ਜਾ ਰਹੇ ਚਿੱਲੀ ਵਿਕਾਸ ਕੇਂਦਰ ਦੀ ਸਥਾਪਨਾ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਮਿਰਚ ਦੇ ਉਤਪਾਦਨ ਤੋਂ ਬਾਜ਼ਾਰ ਮੁਹਈਆ ਕਰਵਾਉਣ ਤੱਕ ਦੀ ਸਹੂਲਤ ਦੇਣ ਨਾਲ ਕਿਸਾਨਾਂ ਨੂੰ ਬਹੁਤ ਫ਼ਾਇਦਾ ਮਿਲੇਗਾ ਅਤੇ ਫਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪੂਰੇ ਦੇਸ਼ ਨੂੰ ਰਾਹ ਦਿਖਾਉਣ ਦੀ ਸਮਰੱਥਾ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੇਂਦਰੀ ਮੰਤਰੀ ਦਾ ਫ਼ਿਰੋਜ਼ਪੁਰ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ। ਡਿਪਟੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਨੂੰ ਜ਼ਿਲ੍ਹੇ ਵਿੱਚ ਐਸਪੀਰੇਸ਼ਨਲ ਜ਼ਿਲ੍ਹੇ ਤਹਿਤ ਪ੍ਰਾਪਤ ਇਨਾਮੀ ਰਾਸ਼ੀ ਅਤੇ ਸੀ.ਐਸ.ਆਰ. ਫ਼ੰਡਾਂ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ 200 ਆਂਗਣਵਾੜੀ ਸੈਂਟਰ, 5 ਐਂਬੂਲੈਂਸ ਸੇਵਾਵਾਂ, 7 ਸੀਵਰੇਜ਼ ਕਲੀਨਿੰਗ ਮਸ਼ੀਨਾਂ, ਪੀ.ਐਚ.ਸੀ ਮੱਲਾਂਵਾਲਾ ਅਤੇ ਕੱਸੋਆਣਾ ਦੀ ਸਥਾਪਨਾ, ਸਿਹਤ ਸੰਸਥਾਵਾਂ ਵਿੱਚ ਮੈਡੀਕਲ ਉਪਕਰਨ, ਸਰਕਾਰੀ ਸਕੂਲਾਂ ਵਿੱਚ ਆਰ.ਓ. ਸਿਸਟਮ ਲਗਵਾਉਣ ਆਦਿ ਕੰਮ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸ਼੍ਰੀ ਤੋਖਨ ਸਾਹੂ ਨੂੰ ਭਰੋਸਾ ਦਿਵਾਇਆ ਕਿ ਨੀਤੀ ਆਯੋਗ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜੋ ਵੀ ਰਿਵਾਰਡ ਰਾਸ਼ੀ ਪ੍ਰਾਪਤ ਹੋਈ ਹੈ ਅਤੇ ਹੋਵੇਗੀ ਉਸ ਰਾਸ਼ੀ ਨੂੰ ਵੱਖ ਵੱਖ ਵਿਕਾਸ ਕਾਰਜਾਂ ਵਿੱਚ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੀਟਿੰਗ ਉਪਰੰਤ ਸ਼੍ਰੀ ਤੋਖਨ ਸਾਹੂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ ਆਸਲ ਵਿਖੇ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਅਰਮਾਨਪੁਰਾ ਵਿਖੇ ਉਸਾਰੀ ਅਧੀਨ ਪ੍ਰਾਈਮਰੀ ਹੈਲਥ ਸੈਂਟਰ ਦਾ ਵੀ ਦੌਰਾ ਕੀਤਾ। ਅਧਿਕਾਰੀਆਂ ਨੇ ਰਾਜ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਇਸ ਹਸਪਤਾਲ ਵਿੱਚ ਆਧੁਨਿਕ ਸੁਵਿਧਾਵਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਹੈਲਥ ਸੈਂਟਰ ਲਈ ਮੈਡੀਕਲ ਉਪਕਰਨਾਂ ਅਤੇ ਮਸ਼ੀਨਾਂ ਲਈ ਪਹਿਲਾਂ ਹੀ ਸਿਹਤ ਵਿਭਾਗ ਨੂੰ ਫੰਡ ਮੁਹੱਈਆ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀ.ਐਚ.ਸੀ. ਦੀ ਇਮਾਰਤ ਦਾ ਛੇਤੀ ਨਿਰਮਾਣ ਕਰਨ ਦੀ ਹਦਾਇਤ ਕੀਤੀ ਤਾਂ ਜੋ ਨਜ਼ਦੀਕ ਦੇ ਪਿੰਡਾਂ ਦੇ ਲੋਕਾਂ ਨੂੰ ਛੇਤੀ ਤੋਂ ਛੇਤੀ ਉਨ੍ਹਾਂ ਦੇ ਘਰ ਨੇੜੇ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿ) ਲਖਵਿੰਦਰ ਸਿੰਘ ਰੰਧਾਵਾ, ਐਸ.ਪੀ. ਨਵੀਨ ਕੁਮਾਰ, ਸਿਵਲ ਸਰਜਨ ਰਾਜਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।