ਪਿੰਡ ਵਾਸੀਆਂ ਨੂੰ ਕੋਟਪਾ ਤਹਿਤ ਕੀਤਾ ਜਾਗਰੂਕ, ਚਲਾਨ ਕੱਟੇ

ਫਾਜ਼ਿਲਕਾ, 19 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਸਤੀਰਵਾਲਾ ਅਤੇ ਬਾਂਡੀਵਾਲਾ ਵਿਖੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਕੋਟਪਾ ਅਧੀਨ ਤੰਬਾਕੂ ਦੇ ਸੇਵਨ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਅਤੇ ਉਤਪਾਦ ਵੇਚਣ 'ਤੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।  ਇਸ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਬਲਾਕ ਖੂਈਖੇੜਾ ਅਧੀਨ ਪੈਂਦੇ ਪਿੰਡ ਸਤੀਰਵਾਲਾ ਅਤੇ ਬਾਂਡੀਵਾਲਾ ਵਿਖੇ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੱਟੇ। ਇਸ ਦੇ ਨਾਲ ਹੀ ਦੁਕਾਨ 'ਤੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਅਜਿਹਾ ਕਰਨ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਿੱਚ ਹੈਲਥ ਸੁਪਰਵਾਈਜ਼ਰ ਇੰਦਰਜੀਤ ਸਿੰਘ ਅਤੇ ਐਮਪੀਐਚਡਬਲਿਊ ਮੇਲ ਅਮਿਤ ਕੁਮਾਰ, ਮੁਕੇਸ਼ ਕੁਮਾਰ ਅਤੇ ਰਾਜ ਕੁਮਾਰ ਸ਼ਾਮਲ ਸਨ।