ਪਰਾਲੀ ਪ੍ਰਬੰਧਨ ਕਰਨ ਸਮੇਂ ਵੱਧ ਤੋਂ ਵੱਧ ਰਕਬਾ ਇੰਨ-ਸਿਟੂ ਅਧੀਨ ਲਿਆਂਦਾ ਜਾਵੇ : ਡਿਪਟੀ ਕਮਿਸ਼ਨਰ

ਫ਼ਰੀਦਕੋਟ 07 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਸੁਪਰਵਾਈਜਰਾਂ, ਕਲੱਸਟਰ ਅਫਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਇੱਕ ਜਰੂਰੀ ਮੀਟਿੰਗ ਕੀਤੀ ਗਈ।  ਮੀਟਿੰਗ ਦੀ ਸ਼ੁਰੂਆਤ ਵਿੱਚ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਪ੍ਰਸ਼ਾਸਨ ਵੱਲੋਂ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਕਲੱਸਟਰ ਅਫਸਰ ਆਪਣੇ ਨੋਡਲ ਅਫਸਰਾਂ ਅਤੇ ਪਟਵਾਰੀਆਂ ਕੋਲੋਂ ਸਟੱਬਲ ਬਰਨਿੰਗ ਵਾਲੇ ਸਪਾਟਾਂ ਦੀ ਰਿਪੋਰਟਿੰਗ ਕਰਵਾ ਕੇ ਵੱਧ ਤੋਂ ਵੱਧ ਚਲਾਨ ਕੱਟਣ। ਉਹਨਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੇ ਚਲਾਨ ਕੱਟੇ ਜਾ ਰਹੇ ਹਨ, ਉਹਨਾਂ ਪਾਸੋਂ ਬਣਦਾ ਜੁਰਮਾਨਾ ਆਉਂਣ ਵਾਲੇ ਦਿਨਾਂ ਵਿੱਚ ਵਸੂਲਿਆ ਜਾਵੇਗਾ। ਉਨ੍ਹਾਂ ਨੇ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਦੀ ਹਦਾਇਤ ਕੀਤੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਰਕਬਾ ਇੰਨ-ਸਿਟੂ ਅਧੀਨ ਲਿਆਉਣ ਲਈ ਕਿਹਾ ਗਿਆ ਤਾਂ ਜੋ ਝੋਨੇ/ਬਾਸਮਤੀ ਦੀ ਪਰਾਲੀ ਵਿੱਚ ਮੌਜੂਦ ਜਰੂਰੀ ਤੱਤਾਂ ਨੂੰ ਜਮੀਨ ਵਿੱਚ ਹੀ ਰਲਾਇਆ ਜਾ ਸਕੇ, ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹੇ। ਇਸ ਉਪਰੰਤ ਮੁੱਖ ਖੇਤੀਬਾੜੀ ਅਫਸਰ ਡਾ.ਕਰਨਜੀਤ ਸਿੰਘ ਗਿੱਲ ਵੱਲੋਂ ਮੀਟਿੰਗ ਵਿੱਚ ਹਾਜ਼ਰ ਸੁਪਰਵਾਈਜਰਾਂ, ਕਲੱਸਟਰ ਅਫਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪੀ.ਪੀ.ਟੀ. ਰਾਹੀਂ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਬਾਰੇ ਦੱਸਿਆ ਗਿਆ। ਉਹਨਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਦੂਜੇ ਵਿਭਾਗਾਂ ਦੇ ਜਿਨ੍ਹਾਂ ਅਧਿਕਾਰੀਆਂ ਦੀ ਡਿਊਟੀ ਪਰਾਲੀ ਪ੍ਰਬੰਧਨ ਵਿੱਚ ਲਗਾਈ ਗਈ ਹੈ, ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਵਿਭਾਗ ਦੇ ਅਧਿਕਾਰੀ ਉਹਨਾਂ ਨਾਲ ਇਸ ਕੰਮ ਵਿੱਚ ਪੂਰਾ ਸਹਿਯੋਗ ਦੇਣਗੇ ਅਤੇ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਆਉਣ ਤੇ ਸਰਕਲ ਇੰਚਾਰਜ ਉਹਨਾਂ ਨਾਲ ਰਾਬਤਾ ਕਾਇਮ ਕਰਨਗੇ। ਇਸ ਮੀਟਿੰਗ ਵਿੱਚ ਸ੍ਰੀ ਵਰੁਣ ਕੁਮਾਰ ਉਪ ਮੰਡਲ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਜਸਵਿੰਦਰ ਸਿੰਘ ਐਸ.ਡੀ.ਓ.ਪੀ.ਪੀ.ਸੀ.ਬੀ., ਸਮੂਹ ਸੁਪਰਵਾਈਜਰ, ਕਲੱਸਟਰ ਅਫਸਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ।