ਬੰਦੀ ਸਿੰਘਾਂ ਦੀ ਰਿਹਾਈ ‘ਤੇ ਵਚਨਬੱਧਤਾ ਤੋਂ ਪਿੱਛੇ ਕਿਉਂ ਹਟੇ, ਦੱਸੋ : ਹਰਸਿਮਰਤ ਬਾਦਲ

ਬਠਿੰਡਾ, 03 ਮਾਰਚ : ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਬੀਜੇਪੀ ਪੰਜਾਬੀਆਂ ਨੂੰ ਦੱਸੇ ਕਿ ਉਹ ਬਲਵੰਤ ਸਿੰਘ ਰਾਜੋਆਣਾ ਸਣੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਆਪਣੀ ਵਚਨਬੱਧਤਾ ਤੋਂ ਪਿੱਛੇ ਕਿਉਂ ਹਟ ਗਈ ਹੈ। ਹਰਸਿਮਰਤ ਕੌਰ ਅੱਜ ਸ਼ੁੱਕਰਵਾਰ ਨੂੰ ਇੱਥੇ ਸੁਰਜੀਤ ਫਾਊਂਡੇਸ਼ਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਨੇ ਔਰਤਾਂ ਨੂੰ ਆਪਣੀਆਂ ਭੈਣਆਂ ਲਈ ਬਿਹਤਰ ਸੰਸਾਰ ਬਣਾਉਣ ਲਈ ਅਤੀਤ ਵਿੱਚ ਦਿੱਤੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਅਪੀਲ ਕੀਤੀ। ਬਠਿੰਡਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਭਾਜਪਾ ਅਤੇ ਕੇਂਦਰ ਸਰਕਾਰ ਪੰਜਾਬੀਆਂ ਨੂੰ ਜਵਾਬਦੇਹ ਹੈ ਕਿ ਉਹ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਵਚਨਬੱਧਤਾ ਤੋਂ ਪਿੱਛੇ ਕਿਉਂ ਹਟ ਗਈ। ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਰਿਹਾਈ ਲਈ ਰਾਹ ਪੱਧਰਾ ਕਰਨ ਲਈ ਅੱਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਨਾਲ-ਨਾਲ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਪਰ ਉਸ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਨਾਲ ਦੁਨੀਆ ਭਰ ਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਹਰਸਿਮਰਤ ਨੇ ਆਮ ਆਦਮੀ ਪਾਰਟੀ (ਆਪ) ‘ਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੇ ਰਿਹਾਈ ਦੇ ਹੁਕਮਾਂ ‘ਤੇ ਬੈਠ ਕੇ ਸਿੱਖ ਕੌਮ ਨਾਲ ਧੋਖਾ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਪਿਛਲੇ ਇੱਕ ਸਾਲ ਤੋਂ ਭੁੱਲਰ ਦੀ ਰਿਹਾਈ ਨੂੰ ਰੋਕਣ ਲਈ ਕਦੇ ਕੋਈ ਤੇ ਕਦੇ ਕੋਈ ਬਹਾਨੇ ਲਾ ਰਹੀ ਹੈ।