ਨੌਜਵਾਨ ਮੁੰਡੇ ਕੁੜੀਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਚਲਾਈਆਂ ਜਾ ਰਹੀਆਂ ਰੋਜ਼ਗਾਰ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ - ਡਿਪਟੀ ਕਮਿਸ਼ਨਰ

  • ਰੋਜ਼ਗਾਰ ਦੇ ਮੌਕਿਆਂ ਅਤੇ ਅਸਾਮੀਆਂ ਸਬੰਧੀ ਪੂਰੀ ਜਾਣਕਾਰੀ ਲਈ ਨਾਮ ਦਰਜ ਕਰਾਉਣ ਦੀ ਅਪੀਲ 

ਮੋਗਾ, 21 ਅਗਸਤ - ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਨੌਜਵਾਨ ਮੁੰਡੇ ਕੁੜੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਰੋਜ਼ਗਾਰ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀਮਤੀ ਪਰਮਿੰਦਰ ਕੌਰ, ਕਰੀਅਰ ਗਾਈਡੈਂਸ ਕਾਊਂਸਲਰ ਸ੍ਰ ਬਲਰਾਜ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਵਿਭਾਗ ਵਲੋਂ ਸ਼ੁਰੂ ਕੀਤੇ ਪੀ.ਜੀ.ਆਰ.ਕੈਮ. ਪੋਰਟਲ ਉਤੇ ਜ਼ਿਲ੍ਹਾ ਦੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ  ਪਲੇਸਮੈਂਟ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾਂਦਾ ਹੈ। ਵੱਖ-ਵੱਖ ਬੈਕਾਂ ਤੋਂ ਘੱਟ ਵਿਆਜ ਉਤੇ ਕਰਜ਼ੇ ਮੁਹੱਈਆ ਕਰਵਾ ਕੇ ਵੀ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਇਆ ਜਾਂਦਾ ਹੈ। ਉਨ੍ਹਾਂ ਨੇ  ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵਿਖੇ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕਿਆਂ ਅਤੇ ਅਸਾਮੀਆਂ ਸਬੰਧੀ ਪੂਰੀ ਜਾਣਕਾਰੀ ਸਮੇਂ ਸਿਰ ਪਹੁੰਚਾਈ ਜਾ ਸਕੇ।ਇਸ ਸਬੰਧ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਹਾਜ਼ਰ ਹੋ ਸਕਦੇ ਹਨ।