ਦੇਸ਼ ਦੇ ਸਾਰੇ ਸੂਬਿਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ : ਅਮਿਤ ਸ਼ਾਹ

ਨਵੀਂ ਦਿੱਲੀ, 19 ਅਪ੍ਰੈਲ : ਦੇਸ਼ ‘ਚੋ ਨਸ਼ਿਆਂ ਦੇ ਖ਼ਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ ਅਪਣਾਇਆ ਜਾਣਾ ਚਾਹੀਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ, ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਸੂਬਿਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ। ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਸ਼ਾ ਵਿਰੋਧੀ ਟਾਸਕ ਫੋਰਸਾਂ ਦੇ ਮੁਖੀਆਂ ਦੀ ਪਹਿਲੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀ ਆਜ਼ਾਦੀ ਦੇ 100ਵੇਂ ਵਰ੍ਹੇ 2047 ਤੱਕ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲੇ ਮੁੱਖ ਤੌਰ 'ਤੇ ਅਪਰਾਧੀ ਅਤੇ ਗ਼ੁਨਾਹਗਾਰ ਹੁੰਦੇ ਹਨ ਜਦੋਂ ਕਿ ਨਸ਼ੇ ਦੀ ਵਰਤੋਂ ਕਰਨ ਵਾਲੇ ਪੀੜਤ ਹੁੰਦੇ ਹਨ। ਸਾਨੂੰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ ਅਤੇ ਉਹਨਾਂ ਦੇ ਖ਼ਿਲਾਫ਼ ਜਿੰਨਾ ਸੰਭਵ ਹੋ ਸਕੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ "ਪੂਰੀ ਸਰਕਾਰ" ਪਹੁੰਚ ਅਪਣਾਈ ਜਾਣੀ ਚਾਹੀਦੀ ਹੈ ਕਿਉਂਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਤਬਾਹ ਕਰ ਸਕਦੀ ਹੈ। ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਸੂਬਾ ਸਰਕਾਰਾਂ ਨੂੰ ਕਿਹਾ ਕਿ ਉਹ ਸਿਆਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਨਸ਼ਿਆਂ ਵਿਰੁੱਧ ਲੜਾਈ ਲਈ ਇਕਜੁੱਟ ਹੋ ਕੇ ਕੰਮ ਕਰਨ।