ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤਾ ਵੱਡਾ ਵਿੱਤੀ ਝਟਕਾ, ਕਰਜ਼ ਸੀਮਾ ‘ਚ 18000 ਕਰੋੜ ਦੀ ਕੀਤੀ ਕਟੌਤੀ   

ਨਵੀਂ ਦਿੱਲੀ, 03 ਜੂਨ : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਲਿਮਟ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਕੇਂਦਰ ਵੱਲੋਂ ਪੰਜਾਬ ਦੀ ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਆਪਣੇ ਕੁੱਲ ਘਰੇਲੂ ਉਤਪਾਦਨ ਦਾ ਤਿੰਨ ਫੀਸਦੀ ਤੱਕ ਕਰਜ਼ਾ ਚੁੱਕਣ ਦੀ ਸੀਮਾ ਹੈ ਜੋ ਕਿ ਸਾਲਾਨਾ 39000 ਕਰੋੜ ਰੁਪਏ ਬਣਦੀ ਹੈ। ਪਰ ਹੁਣ ਜਦੋਂ ਕਿ ਵਿੱਤ ਮੰਤਰਾਲੇ ਵੱਲੋਂ 18000 ਕਰੋੜ ਦੀ ਸਾਲਾਨਾ ਕਟੌਤੀ ਕਰ ਦਿੱਤੀ ਗਈ ਹੈ ਤਾਂ ਪੰਜਾਬ ਸਰਕਾਰ ਹੁਣ 21 ਹਜ਼ਾਰ ਕਰੋੜ ਦਾ ਹੀ ਕਰਜ਼ਾ ਚੁੱਕ ਸਕੇਗੀ। ਕਰਜ਼ਾ ਲੈਣ ਦੀ ਸੀਮਾ ਵਿਚ 18,000 ਕਰੋੜ ਰੁਪਏ ਦੀ ਵੱਡੀ ਕਟੌਤੀ ‘ਆਪ’ ਸਰਕਾਰ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਕੇਂਦਰੀ ਵਿੱਤ ਮੰਤਰਾਲੇ ਕੋਲ ਇਸ ਸਬੰਧੀ ਆਪਣਾ ਪੱਖ ਪੇਸ਼ ਕਰੇਗੀ ਅਤੇ ਸੂਬਾ ਸਰਕਾਰ ਨੇ ਇਹ ਭਰੋਸਾ ਪਹਿਲਾਂ ਹੀ ਕੇਂਦਰ ਨੂੰ ਦੇ ਦਿੱਤਾ ਹੈ ਕਿ ਰਾਜ ਪੈਨਸ਼ਨ ਰੈਗੂਲੇਟਰੀ ਅਤੇ ਵਿਕਾਸ ਅਥਾਰਿਟੀ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦਾ ਆਪਣਾ ਹਿੱਸਾ ਦੇਵੇਗੀ।